
ਹਲਕਾ ਰਾਮਪੁਰਾ ਫੂਲ ਵਿੱਚੋਂ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨਾਲ (ਫੋਟੋ: ਮਰਾਹੜ)
ਪੱਤਰ ਪ੍ਰੇਰਕ
ਭਗਤਾ ਭਾਈ, 16 ਜਨਵਰੀ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ, ਜਦੋਂ ਕਈ ਕਾਂਗਰਸੀ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿਚ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਵਿਚ ਨਵਜੀਤ ਸਿੰਘ ਕੁੱਕੀ ਮੰਡੇਰ ਸਾਬਕਾ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਬਠਿੰਡਾ, ਕਰਮਜੀਤ ਸਿੰਘ ਕਾਂਗੜ ਸਾਬਕਾ ਪ੍ਰਚਾਰਕ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ, ਗਿਆਨੀ ਜਸਵੀਰ ਸਿੰਘ ਹਮੀਰਗੜ੍ਹ, ਨੌਜਵਾਨ ਆਗੂ ਅਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਗੁਰੂਸਰ ਸ਼ਾਮਲ ਹਨ। ਹਲਕਾ ਰਾਮਪੁਰਾ ਫੂਲ ਤੋਂ ਸ੍ਰੀ ਮਲੂਕਾ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਉਕਤ ਆਗੂਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰੇ ਮਾਣ-ਸਤਿਕਾਰ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆ ਤੋਂ ਅੱਕ ਕੇ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਅਤੇ ਵਰਕਰ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬੇ ਵਿਚ ਸਰਕਾਰ ਬਣਾਉਣ ਦੇ ਸੁਪਨੇ ਪੂਰੇ ਨਹੀਂ ਹੋਣਗੇ ਅਤੇ ਅਕਾਲੀ-ਭਾਜਪਾ ਗਠਜੋੜ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਉਪਰ ਦੋਸ਼ ਲਗਾਇਆ ਕਿ ਉਨ੍ਹਾਂ ਹੁਣ ਤਕ ਸਿਰਫ ਝੂਠ ਦੀ ਰਾਜਨੀਤੀ ਕੀਤੀ ਅਤੇ ਹਲਕਾ ਰਾਮਪੁਰਾ ਫੂਲ ਦਾ ਕੁਝ ਨਹੀਂ ਸੰਵਾਰਿਆ। ਸ੍ਰੀ ਮਲੂਕਾ ਨੇ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਓ ਦਿੱਤੇ। ਇਸ ਮੌਕੇ ਇਸਤਰੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਪਰਨੀਤ ਕੌਰ ਦਿਉਲ, ਜਥੇਦਾਰ ਸਤਨਾਮ ਸਿੰਘ ਭਾਈ ਰੂਪਾ, ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ ਭਗਤਾ, ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਮਲੂਕਾ, ਰਾਮ ਸਿੰਘ ਭੋਡੀਪੁਰਾ, ਦਵਿੰਦਰ ਸਿੰਘ ਗੁੰਮਟੀ, ਚੇਅਰਮੈਨ ਨੇਕਵੀਰ ਸਿੰਘ ਬੁੱਟਰ, ਜਸਵੰਤ ਸਿੰਘ ਸਿੱਧੂ, ਦਲਜੀਤ ਸਿੰਘ ਦੁੱਲੇਵਾਲਾ ਹਾਜ਼ਰ ਸਨ।