ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 22 ਜੂਨ
ਭਾਰਤੀ ਜਨਤਾ ਪਾਰਟੀ ਨੇ ਅੱਜ ਮਹਿੰਗਾਈ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਦੇਸ਼ ਭਰ ਵਿੱਚ ਜੇਲ੍ਹ ਭਰੋ ਅੰਦੋਲਨ ਕੀਤਾ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਜੇਲ੍ਹ ਭਰੋ ਅੰਦੋਲਨ ਤਹਿਤ ਵੱਡੀ ਗਿਣਤੀ ਵਰਕਰਾਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ। ਇਸ ਤਰ੍ਹਾਂ ਦੀ ਰਿਪੋਰਟਾਂ ਕਈ ਸੂਬਿਆਂ ਤੋਂ ਵੀ ਹਾਸਲ ਹੋਈਆਂ ਹਨ।
ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਰੁਣ ਜੇਤਲੀ, ਸਾਬਕਾ ਪ੍ਰਧਾਨ ਰਾਜਨਾਥ ਸਿੰਘ, ਮੁਖਤਾਰ ਅਬਾਸ ਨਕਵੀ ਤੇ ਤਰੁਣ ਵਿਜੇ ਦੀ ਅਗਵਾਈ ਵਿੱਚ ਜੰਤਰ ਮੰਤਰ ਵਿੱਚ ਮਹਿੰਗਾਈ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਭਾਜਪਾ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮਾਂਤਰੀ ਮਾਰਕੀਟ ਵਿੱਚ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਯੂ.ਪੀ.ਏ. ਸਰਕਾਰ ਨੇ ਕੀਮਤਾਂ ਨਹੀਂ ਘਟਾਈਆਂ। ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਰ ਵਾਰ ਵਾਧਾ ਕਰਕੇ ਲੋਕਾਂ ’ਤੇ ਅਥਾਹ ਬੋਝ ਪਾਇਆ ਹੈ। ਕੇਂਦਰ ਸਰਕਾਰ ਤੇਲ ’ਤੇ ਡੇਢ ਲੱਖ ਕਰੋੜ ਰੁਪਏ ਦਾ ਜ਼ਿਆਦਾ ਟੈਕਸ ਵਸੂਲ ਕਰ ਰਹੀ ਹੈ ਤੇ ਜੇਕਰ ਸਰਕਾਰ ਲੋਕਾਂ ਨੂੰ ਰਾਹਤ ਦੇਣਾ ਚਾਹੁੰਦੀ ਤਾਂ ਟੈਕਸ ਨੂੰ ਘਟਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਬੇਲਗਾਮ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਦਾ ਜਿਉਣਾ ਦੁਭਰ ਹੋ ਗਿਆ ਹੈ।
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਜੇਲ੍ਹ ਭਰੋ ਅੰਦੋਲਨ ਦੇ ਸੱਦੇ ਤਹਿਤ ਅੱਜ ਪੰਜਾਬ ਵਿੱਚ ਭਾਜਪਾ ਦੇ ਹਜ਼ਾਰਾਂ ਆਗੂਆਂ ਤੇ ਵਰਕਰਾਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ। ਪਾਰਟੀ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਇੰਚਾਰਜ ਤੇ ਸਾਬਕਾ ਕੇਂਦਰੀ ਮੰਤਰੀ ਸ਼ਾਂਤਾ ਕੁਮਾਰ ਨੇ ਵਿਧਾਇਕ ਮਨੋਰੰਜਨ ਕਾਲੀਆ, 19 ਕੌਂਸਲਰਾਂ ਤੇ ਸੈਂਕੜੇ ਵਰਕਰਾਂ ਸਮੇਤ ਜਲੰਧਰ ਵਿਖੇ ਗ੍ਰਿਫਤਾਰੀ ਲਈ ਪੇਸ਼ ਕੀਤਾ। ਇਸ ਤਰ੍ਹਾਂ ਹੀ ਭਾਜਪਾ ਦੇ ਕੌਮੀ ਆਗੂ ਬਲਵੀਰ ਪੁੰਜ ਨੇ ਲੋਕ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਆਨੰਦ ਸ਼ਰਮਾ, 24 ਕੌਂਸਲਰਾਂ, ਯੁਵਾ ਮੋਰਚੇ ਦੇ ਸੂਬਾ ਪ੍ਰਧਾਨ ਰਾਜੇਸ਼ ਹਨੀ ਤੇ ਵਰਕਰਾਂ ਸਮੇਤ ਅੰਮ੍ਰਿਤਸਰ ਵਿਖੇ ਗ੍ਰਿਫ਼ਤਾਰੀ ਦਿੱਤੀ ਜਦਕਿ ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ 5 ਹਜ਼ਾਰ ਤੋਂ ਵੱਧ ਵਰਕਰਾਂ ਸਮੇਤ ਪਠਾਨਕੋਟ ਵਿਖੇ ਗ੍ਰਿਫ਼ਤਾਰੀ ਦਿੱਤੀ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅੱਜ ਭਾਜਪਾ ਦੇ ਸੀਨੀਅਰ ਆਗੂ ਬਲਬੀਰ ਪੁੰਜ, ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਤੇ ਛੇ ਔਰਤਾਂ ਸਮੇਤ 48 ਭਾਜਪਾ ਕਾਰਕੁਨਾਂ ਨੇ ਗ੍ਰਿਫ਼ਤਾਰੀ ਦਿੱਤੀ। ਇਨ੍ਹਾਂ ਸਾਰਿਆਂ ਨੂੰ ਧਾਰਾ 107/151 ਤਹਿਤ ਗ੍ਰਿਫ਼ਤਾਰ ਕਰਨ ਮਗਰੋਂ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ ਜਿਥੋਂ ਸ਼ਾਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸ ਬਾਰੇ ਸਵੇਰੇ ਪਹਿਲਾਂ ਭਾਜਪਾ ਆਗੂਆਂ ਤੇ ਕਾਰਕੁਨਾਂ ਵੱਲੋਂ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਸ੍ਰੀ ਸਿੱਧੂ ਦੀ ਮਾਲ ਰੋਡ ਸਥਿਤ ਰਿਹਾਇਸ਼ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਕਚਹਿਰੀ ਪੁੱਜਾ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਬਲਬੀਰ ਪੁੰਜ ਨੇ ਦੋਸ਼ ਲਾਇਆ ਕਿ ਕੇਂਦਰ ਦੀ ਯੂ.ਪੀ.ਏ. ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਸਮੇਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ 5 ਗੁਣਾ ਵਧੀਆਂ ਹਨ ਜਦੋਂਕਿ ਲੋਕਾਂ ਦੀ ਆਮਦਨ ਵਿੱਚ ਮਾਮੂਲੀ ਵਾਧਾ ਹੋਇਆ ਹੈ। ਭਾਜਪਾ ਆਗੂਆਂ ਨੇ ਜ਼ਿਲ੍ਹਾ ਕਚਹਿਰੀ ਵਿਖੇ ਮੰਗ ਪੱਤਰ ਦੇਣ ਸਮੇਂ ਡਿਪਟੀ ਕਮਿਸ਼ਨਰ ਦੀ ਗ਼ੈਰ ਹਾਜ਼ਰੀ ’ਤੇ ਇਤਰਾਜ਼ ਦਾ ਪ੍ਰਗਟਾਵਾ ਕੀਤਾ। ਮਗਰੋਂ ਭਾਜਪਾ ਆਗੂਆਂ ਤੇ ਕਾਰਕੁਨਾਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ।