ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਦੀਆਂ ਨਗਰ ਨਿਗਮਾਂ,ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਹੂੰਝਾ ਫੇਰ ਜਿੱਤ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਇਸ ਜਿੱਤ ਰਾਹੀਂ ਲੋਕਾਂ ਨੇ ਇੱਕ ਵਾਰ ਫਿਰ ਗੱਠਜੋੜ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ’ਤੇ ਮੋਹਰ ਲਾਈ ਹੈ।
ਮੁੱਖ ਮੰਤਰੀ ਨੇ ਇਸ ਜਿੱਤ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ’ਤੇ ਅਧਾਰਿਤ ਨੀਤੀਆਂ ਦੇ ਹੱਕ ਵਿੱਚ ਇਤਿਹਾਸਕ ਫਤਵਾ ਦੱਸਦਿਆਂ ਇਸ ਨੂੰ ਕਾਂਗਰਸ ਦੇ ਗੁੰਮਰਾਹਕੁੰਨ ਪ੍ਰਚਾਰ ਵਾਲੀਆਂ ਫੁੱਟਪਾਊ ਨੀਤੀਆਂ ਉਪਰ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੇ ਪਹਿਲਾਂ ਹੀ ਸੂਬੇ ਦੀ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਲਗਾਤਾਰ ਦੂਜੀ ਵਾਰ ਸੱਤਾ ’ਚ ਆ ਕੇ ਇਤਿਹਾਸ ਸਿਰਜਿਆ ਹੈ ਜੋ ਲੋਕਾਂ ਵਿੱਚ ਇਸ ਦੀ ਮਕਬੂਲੀਅਤ ਨੂੰ ਦਰਸਾਉਂਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਨ੍ਹਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੀ ਕਾਰਗੁਜ਼ਾਰੀ ਉਪਰ ਫਤਵਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ ਦੇ ਕੂੜ ਪ੍ਰਚਾਰ ਨੂੰ ਬੁਰੀ ਤਰ੍ਹਾਂ ਨਕਾਰਦਿਆਂ ਸਾਬਤ ਕਰ ਦਿੱਤਾ ਹੈ ਕਿ ਲੋਕ ਅਜੇ ਕਾਂਗਰਸੀ ਸ਼ਾਸ਼ਨ ਦੇ ਮਾੜੇ ਕਾਰਨਾਮਿਆਂ ਨੂੰ ਨਹੀਂ ਭੁੱਲੇ ਅਤੇ ਉਹ ਕਾਂਗਰਸ ਨੂੰ ਪੰਜਾਬ ਦੇ ਰਾਜਸੀ ਸੀਨ ਵਿੱਚੋਂ ਪੂਰੀ ਤਰ੍ਹਾਂ ਬਾਹਰ ਕਰਨ ਲਈ ਦ੍ਰਿੜ ਸੰਕਲਪ ਹਨ। ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਨਗਰ ਨਿਗਮ ਸਮੇਤ ਸੂਬੇ ਅੰਦਰ ਹੋਈਆਂ ਨਗਰ ਨਿਗਮਾਂ, ਕੌਂਸਲ ਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਵਿਕਾਸ ਕਾਰਜਾਂ ਦੀ ਜਿੱਤ ਐਲਾਨਿਆ। ਸਥਾਨਕ ਸਰਕਾਰ ਮੰਤਰੀ ਚੂਨੀ ਲਾਲ ਭਗਤ ਨੇ ਵੀ ਇਸ ਜਿੱਤ ਉਪਰ ਖੁਸ਼ੀ ਪ੍ਰਗਟਾਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਗਰ ਨਿਗਮ ਤੇ ਕੌਂਸਲਾਂ ਦੀਆਂ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਦੀ ਹੋਈ ਜਿੱਤ ਨੂੰ ਆਮ ਲੋਕਾਂ ਦੀ ਜਿੱਤ ਐਲਾਨਦਿਆਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਗੱਠਜੋੜ ਦੇ ਵਿਕਾਸ ਦੇ ਏਜੰਡੇ ਦੇ ਹੱਕ ’ਚ ਫਤਵਾ ਦਿੱਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਨਿਗਮਾਂ ਦੇ ਚੋਣ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਵੋਟਰਾਂ ਨੇ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ।