ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 30 ਜੂਨ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਵਿੱਤ ਮੰਤਰੀ ਪ੍ਰਣਬ ਮੁਖਰਜੀ ਦੇ ਅਹੁਦੇ ਤੋਂ ਹਟਦਿਆਂ ਹੀ ਉਨ੍ਹਾਂ ਵੱਲੋਂ ਲਏ ਫੈਸਲਾ ਨੂੰ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਸਰਕਾਰ ਆਪਣੇ ਹੀ ਵਿੱਤ ਮੰਤਰੀ ਦੇ ਫੈਸਲਿਆਂ ਨਾਲ ਸਹਿਮਤ ਨਹੀਂ ਸੀ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਵਿੱਤ ਮੰਤਰੀ ਦੇ ਫੈਸਲਿਆਂ ਨਾਲ ਸਹਿਮਤ ਨਹੀਂ ਸਨ, ਇਸ ਕਰਕੇ ਜਦੋਂ ਪ੍ਰਣਬ ਮੁਖਰਜੀ ਨੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਤਾਂ ਉਸ ਤੋਂ ਬਾਅਦ ਸਰਕਾਰ ਨੇ ਫੈਸਲੇ ਬਦਲਣੇ ਸ਼ੁਰੂ ਕਰ ਦਿੱਤੇ। ਇਨ੍ਹਾਂ ਫੈਸਲਿਆਂ ਵਿੱਚ ਵੋਡਾਫੋਨ ਕੰਪਨੀ ਨਾਲ ਟੈਕਸ ਵਿਵਾਦ ਮਾਮਲੇ ਨੂੰ ਹੱਲ ਕਰਨਾ ਸ਼ਾਮਲ ਹੈ। ਉਸ ਤੋਂ ਬਾਅਦ ਵਿਦੇਸ਼ੀ ਨਿਵੇਸ਼ ਦੀ ਹੱਦ ਵਧਾਉਣਾ ਅਤੇ ਰਿਟੇਲ ਸੈਕਟਰ ਵਿੱਚ ਐਫ.ਡੀ.ਆਈ. ਨੂੰ ਆਗਿਆ ਦੇਣ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤਤਕਾਲੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਦੇ ਫੈਸਲਿਆਂ ਨਾਲ ਸਹਿਮਤ ਨਹੀਂ ਸੀ ਤੇ ਪਰ ਉਹ ਵਿੱਤ ਮੰਤਰੀ ਨੂੰ ਬਦਲ ਵੀ ਨਹੀਂ ਸਕਦੀ ਸੀ। ਸਰਕਾਰ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਰਾਹ ਲੱਭ ਲਿਆ ਤੇ ਇਸ ਕਰਕੇ ਹੀ ਉਨ੍ਹਾਂ ਨੂੰ ਰਾਸ਼ਟਰਪਤੀ ਦਫ਼ਤਰ ਤੋਰਨ ਦਾ ਰਾਹ ਚੁਣ ਲਿਆ।
ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਖੁਦ ਵਿੱਤ ਮੰਤਰੀ ਵੱਲੋਂ ਲਏ ਫੈਸਲਿਆਂ ਨੂੰ ਬਦਲ ਰਹੇ ਹਨ ਤੇ ਇਸ ਮਤਲਬ ਸਾਫ਼ ਹੈ ਕਿ ਦੋਵਾਂ ਵਿਚਾਲੇ ਤਾਲਮੇਲ ਨਹੀਂ ਸੀ। ਇਸ ਕਰਕੇ ਸਰਕਾਰ ਨੂੰ ਫੈਸਲੇ ਬਦਲਣੇ ਪੈ ਰਹੇ ਹਨ।