ਪੱਤਰ ਪ੍ਰੇਰਕ
ਮੁਹਾਲੀ, 15 ਜੁਲਾਈ
ਜ਼ਿਲ੍ਹਾ ਕਾਂਗਰਸ ਵੱਲੋਂ ਐਤਵਾਰ ਨੂੰ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਇਥੋਂ ਦੇ ਫੇਜ਼-8 ਸਥਿਤ ਲਈਅਰ ਵੈਲੀ ਪਾਰਕ ‘ਚ ਹਰਬਲ ਦੇ ਪੌਦੇ ਲਾਏ ਗਏ।
ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਦੋ ਪੌਦੇ ਜ਼ਰੂਰ ਲਾਉਣੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਵਿੱਚ ਬੱਚੇ ਦੇ ਜਨਮ ਲੈਣ ਮੌਕੇ ਇਕ ਪੌਦਾ ਜ਼ਰੂਰ ਲਾਉਣ ਤੇ ਜਿਵੇਂ ਲੋਕ ਆਪਣੇ ਧੀਆਂ-ਪੁੱਤਰਾਂ ਨੂੰ ਪਾਲਦੇ ਹਨ, ਉਸੇ ਤਰ੍ਹਾਂ ਉਹ ਪੌਦਿਆਂ ਦੀ ਸੰਭਾਲ ਵੀ ਕਰਨ। ਉਨ੍ਹਾਂ ਕਿਹਾ ਕਿ ਦਿਨ ਪ੍ਰਤੀਦਿਨ ਗੰਧਲਾ ਹੁੰਦਾ ਜਾ ਰਿਹਾ ਵਾਤਾਵਰਣ ਚਿੰਤਾ ਦਾ ਵਿਸ਼ਾ ਹੈ। ਇਸ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਅੱਜ ਪਾਰਕ ਵਿੱਚ 125 ਤੋਂ ਵੱਧ ਹਰਬਲ ਦੇ ਪੌਦੇ ਲਾਏ ਗਏ।
ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਹਲਕੇ ਅੰਦਰ ਪੌਦੇ ਲਾਉਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤੇ ਵੱਧ ਤੋਂ ਵੱਧ ਲੋਕਾਂ ਨੂੰ ਪੌਦੇ ਲਾਉਣ ਲਈ ਪਿੰਡ ਪੱਧਰ ‘ਤੇ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਸੁਖਦੇਵ ਸਿੰਘ ਮਾਂਗਟ ਤੇ ਭਗਤ ਸਿੰਘ ਬੈਦਵਾਨ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜਨਰਲ ਸਕੱਤਰ ਇੰਦਰਜੀਤ ਸਿੰਘ ਖੋਖਰ, ਮੀਤ ਪ੍ਰਧਾਨ ਗੁਰਕਿਰਪਾਲ ਸਿੰਘ ਮਾਨ, ਜਗੀਰ ਸਿੰਘ ਲਾਲੀਆ ਆਦਿ ਹਾਜ਼ਰ ਸਨ।