ਨਵਰਾਤਰ ਮੇਲਾ: ਦੋ ਮੰਤਰੀਆਂ ਨੇ ਮਨਸਾ ਦੇਵੀ ਮੰਦਰ ’ਚ ਟੇਕਿਆ ਮੱਥਾ !    ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    

ਲਾਹੇਵੰਦ ਹੈ ਮੈਂਥੇ ਦੀ ਖੇਤੀ

Posted On February - 17 - 2017

ਸੁਮੇਸ਼ ਚੋਪੜਾ, ਮਨਪ੍ਰੀਤ ਕੌਰ ਸੈਣੀ ਤੇ ਮਨਦੀਪ ਕੌਰ ਸੈਣੀ*
11702cd _mint_russian__72763_1373135403_1280_1280ਪੰਜਾਬ ਵਿੱਚ ਜਾਪਾਨੀ ਪੁਦੀਨਾ (ਮੈਂਥਾ) ਦੀ ਕਾਸ਼ਤ ਤਕਰੀਬਨ 15 ਹਜ਼ਾਰ ਹੈਕਟਰ ਰਕਬੇ ’ਤੇ ਕੀਤੀ ਜਾਂਦੀ ਹੈ। ਇਹ ਫ਼ਸਲ ਸਾਡੇ ਸਰੀਰ ਲਈ ਫ਼ਾਇਦੇਮੰਦ ਹੋਣ ਦੇ ਨਾਲ ਖ਼ੁਸ਼ਬੂਦਾਰ ਵੀ ਹੁੰਦੀ ਹੈ। ਇਸ ਦੀ ਵਰਤੋਂ ਸਿਰ ਦਰਦ, ਜੁਕਾਮ, ਗਲਾ ਖ਼ਰਾਬ, ਉਲਟੀਆਂ, ਮੂੰਹ ਦੇ ਛਾਲਿਆਂ ਲਈ, ਦੰਦਾ ਦੇ ਦਰਦਾਂ ਲਈ, ਬੁਖ਼ਾਰ ਅਤੇ ਪੇਟ ਦਰਦ ਆਦਿ ਦੇ ਇਲਾਜ ਲਈ ਕੀਤੀ ਜਾਂਦੀ ਹੈ। ਇਸ ਨੂੰ ਖ਼ੂਨ ਸਾਫ਼ ਕਰਨ ਦਾ ਵੀ ਵਧੀਆ ਜ਼ਰੀਆ ਮੰਨਿਆ ਜਾਂਦਾ ਹੈ। ਕੀੜੇ ਦੀ ਕੱਟੀ ਜਗ੍ਹਾ ਉੱਤੇ ਵੀ ਪੁਦੀਨੇ ਨੂੰ ਮਸਲ ਕੇ ਲਗਾਏ ਜਾਣ ਨਾਲ ਕਾਫ਼ੀ ਰਾਹਤ ਮਿਲਦੀ ਹੈ। ਇਸ ਦਾ ਤੇਲ ਦਵਾਈਆਂ, ਖ਼ੁਸ਼ਬੂਦਾਰ ਤੇਲ ਤੇ ਹਾਰ ਸ਼ਿੰਗਾਰ ਦਾ ਸਾਮਾਨ ਆਦਿ ਬਣਾਉਣ ਦੇ ਕੰਮ ਆਉਂਦਾ ਹੈ। ਇਸ ਦੀ ਕਾਸ਼ਤ ਲਈ ਚੰਗੇ ਨਿਕਾਸ ਵਾਲੀਆਂ ਰੇਤਲੀਆਂ ਜ਼ਮੀਨਾਂ, ਜੋ ਕਲਰਾਠੇਪਣ ਅਤੇ ਸੇਮ ਤੋਂ ਮੁਕਤ ਹੋਣ, ਬਹੁਤ ਢੁੱਕਵੀਆਂ ਹਨ। ਇਹ ਫ਼ਸਲ ਮੈਂਥਾ-ਆਲੂ, ਮੈਂਥਾ-ਤੋਰੀਆ, ਮੈਂਥਾ-ਜਵੀ (ਚਾਰਾ), ਮੈਂਥਾ-ਬਾਸਮਤੀ, ਮੈਂਥਾ-ਕਣਕ-ਮੱਕੀ-ਆਲੂ, ਮੈਂਥਾ-ਮੱਕੀ (ਅਗਸਤ), ਮੈਂਥਾ-ਮੱਕੀ-ਆਲੂ ਦੇ ਫ਼ਸਲ ਚੱਕਰ ਲਈ ਬਹੁਤ ਢੁੱਕਵੀਂ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਜਾਪਾਨੀ ਪੁਦੀਨੇ (ਮੈਂਥੇ) ਦੀ ਕਾਸ਼ਤ ਤਕਨੀਕੀ ਢੰਗਾਂ ਨਾਲ ਕਰਕੇ ਪੈਦਾਵਾਰ ਅਤੇ ਆਮਦਨ ਵਿੱਚ ਹੋਰ ਵਾਧਾ ਕਰਨ।
ਪੰਜਾਬ ਵਿੱਚ ਸਿਫ਼ਾਰਸ਼ ਕੀਤੀਆਂ ਉੱਨਤ ਕਿਸਮਾਂ ਦਾ ਵੇਰਵਾ ਇਸ ਤਰ੍ਹਾਂ ਹੈ-
ਕੋਸੀ: ਇਹ ਇੱਕ ਵਧੇਰੇ ਝਾੜ ਦੇਣ ਵਾਲੀ ਕਿਸਮ ਹੈ। ਇਸ ਦੇ ਹਰੇ ਮਾਦੇ (ਤਣਾ ਅਤੇ ਪੱਤੇ) ਦਾ ਔਸਤ ਝਾੜ 100-125 ਕੁਇੰਟਲ ਪ੍ਰਤੀ ਏਕੜ ਹੈ ਅਤੇ ਤੇਲ ਦੀ ਮਾਤਰਾ 0.6 ਤੋਂ 0.7 ਫ਼ੀਸਦੀ ਹੁੰਦੀ ਹੈ। ਇਸ ਕਿਸਮ ਦੀ ਕਟਾਈ ਬਿਜਾਈ ਤੋਂ 150 ਦਿਨਾਂ ਬਾਅਦ ਕਰਨ ’ਤੇ ਹਰੇ ਮਾਦੇ ਅਤੇ ਤੇਲ ਦਾ ਵੱਧ ਝਾੜ ਮਿਲਦਾ ਹੈ।
ਪੰਜਾਬ ਸਪੀਅਰਮਿੰਟ-1: ਇਸ ਕਿਸਮ ਦਾ ਤਣਾ ਟਾਹਣੀਦਾਰ ਵਾਲਾਂ ਵਾਲਾ ਅਤੇ ਜਾਮਣੀ ਹਰੇ ਰੰਗ ਦਾ ਹੁੰਦਾ ਹੈ। ਇਸ ਦੇ ਪੱਤੇ ਲੰਬੂਤਰੇ ਅਤੇ ਕੱਟੇ-ਵੱਢੇ ਹੁੰਦੇ ਹਨ। ਇਸ ਦੇ ਫੁੱਲ ਜਾਮਣੀ ਤੋਂ ਚਿੱਟੇ ਹੁੰਦੇ ਹਨ। ਇਸ ਦੇ ਬੂਟੇ ਸਿਹਤਮੰਦ ਅਤੇ ਫੁੱਲ ਆਉਣ ਤਕ ਔਸਤਨ 75 ਸੈਂਟੀਮੀਟਰ ਉੱਚੇ ਹੋ ਜਾਂਦੇ ਹਨ। ਹਰੇ ਮਾਦੇ (ਤਣਾ ਅਤੇ ਪੱਤੇ) ਦੇ ਆਧਾਰ ’ਤੇ ਇਸ ਵਿੱਚ 0.57 ਫ਼ੀਸਦੀ ਉੱਡਣਸ਼ੀਲ ਤੇਲ ਦੀ ਮਾਤਰਾ ਹੁੰਦੀ ਹੈ। ਇਸ ਦੇ ਤੇਲ ਵਿੱਚ ਕਾਰਵੋਨ ਮੁੱਖ ਤੱਤ ਹੈ।
ਰਸ਼ੀਅਨ ਮਿੰਟ: ਇਸ ਦਾ ਤਣਾ ਹਰਾ, ਵਾਲਾਂ ਵਾਲਾ, ਟਾਹਣੀਦਾਰ ਅਤੇ ਸਿੱਧਾ ਉੱਗਣ ਵਾਲਾ ਹੁੰਦਾ ਹੈ। ਇਸ ਦੇ ਪੱਤੇ ਵੀ ਵਾਲਾਂ ਵਾਲੇ ਅਤੇ ਕਿੰਗਰੇਦਾਰ ਹੁੰਦੇ ਹਨ। ਇਸ ਦੇ ਫੁੱਲ ਜਾਮਣੀ ਰੰਗ ਦੇ ਅਤੇ ਆਕਾਰ ਵਿੱਚ ਛੋਟੇ ਹੁੰਦੇ ਹਨ। ਫੁੱਲ ਆਉਣ ਤਕ ਬੂਟੇ ਦੀ ਔਸਤਨ ਉੱਚਾਈ ਲਗਪਗ 55 ਸੈਂਟੀਮੀਟਰ ਹੋ ਜਾਂਦੀ ਹੈ। ਹਰੇ ਮਾਦੇ (ਤਣਾ ਅਤੇ ਪੱਤੇ) ਦੇ ਆਧਾਰ ’ਤੇ ਇਸ ਵਿੱਚ 0.57 ਫ਼ੀਸਦੀ ਉੱਡਣਸ਼ੀਲ ਤੇਲ ਦੀ ਮਾਤਰਾ ਹੁੰਦੀ ਹੈ। ਇਸ ਦੇ ਤੇਲ ਵਿੱਚ ਇੱਕ ਖ਼ਾਸ ਤਰ੍ਹਾਂ ਦੀ ਸੁਗੰਧੀ ਹੋਣ ਕਾਰਨ, ਇਸ ਕਿਸਮ ਦੀ ਵਧੇਰੇ ਮੰਗ ਸੁਗੰਧੀ ਉਦਯੋਗ ਵਿੱਚ ਹੈ।
11702cd _Field_mint (1)ਬੀਜ ਦੀ ਸੋਧ: ਇਸ ਫ਼ਸਲ ਦਾ ਵਾਧਾ ਜੜ੍ਹਾਂ ਰਾਹੀਂ ਹੁੰਦਾ ਹੈ। ਇੱਕ ਏਕੜ ਲਈ 2 ਕੁਇੰਟਲ ਜੜ੍ਹਾਂ ਜੋ ਕਿ 5-8 ਸੈਂਟੀਮੀਟਰ ਲੰਮੀਆਂ ਹੋਣ ਵਰਤਣੀਆਂ ਚਾਹੀਦੀਆਂ ਹਨ। ਇੰਨੀਆਂ ਜੜ੍ਹਾਂ ਅੱਧੇ ਕਨਾਲ ਥਾਂ ਵਿੱਚੋਂ ਮਿਲ ਜਾਂਦੀਆਂ ਹਨ। ਬਿਜਾਈ ਤੋਂ ਪਹਿਲਾਂ ਜੜ੍ਹਾਂ ਨੂੰ ਸਾਫ਼ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਫਿਰ ਸਾਫ਼ ਜੜ੍ਹਾਂ ਨੂੰ 0.1 ਫ਼ੀਸਦੀ ਬਾਵਿਸਟਨ  50 ਡਬਲਯੂ ਪੀ (ਕਾਰਬੈਂਡਾਜ਼ਿਮ) 50 ਘੁਲਣਸ਼ੀਲ ਦੇ ਘੋਲ ਵਿੱਚ 5-10 ਮਿੰਟਾਂ ਲਈ ਡੋਬ ਕੇ ਰੱਖੋ। ਇਹ ਘੋਲ ਬਣਾਉਣ ਲਈ ਇੱਕ ਗ੍ਰਾਮ ਦਵਾਈ ਇੱਕ ਲਿਟਰ ਪਾਣੀ ਵਿੱਚ ਪਾਉਣੀ ਚਾਹੀਦੀ ਹੈ। ਅਜਿਹਾ 50 ਲਿਟਰ ਦਵਾਈ ਵਾਲਾ ਘੋਲ 40 ਕਿਲੋ ਜੜ੍ਹਾਂ ਨੂੰ ਇੱਕ ਵਾਰ ਡੋਬਣ ਲਈ ਕਾਫ਼ੀ ਹੁੰਦਾ ਹੈ। ਪੰਜ-ਦਸ ਮਿੰਟਾਂ ਬਾਅਦ ਇਹ ਜੜ੍ਹਾਂ ਘੋਲ ਵਿੱਚੋਂ ਕੱਢ ਕੇ ਤੇ ਇੰਨੀਆਂ ਹੋਰ ਜੜ੍ਹਾਂ ਇਸ ਘੋਲ ਵਿੱਚ ਡੋਬ ਕੇ ਸੋਧ ਲਓ। ਇਸ ਤਰ੍ਹਾਂ ਬਾਕੀ ਜੜ੍ਹਾਂ ਨੂੰ ਵੀ ਵਾਰੀ ਵਾਰੀ ਇਸ ਘੋਲ ਵਿੱਚ ਡੋਬ ਕੇ ਸੋਧ ਲਓ।
ਬਿਜਾਈ ਦਾ ਸਮਾਂ ਅਤੇ ਢੰਗ: ਫ਼ਸਲ ਦੀਆਂ ਜੜ੍ਹਾਂ ਨੂੰ 45 ਸੈਂਟੀਮੀਟਰ ਵਿੱਥ ਵਾਲੀਆਂ ਕਤਾਰਾਂ ਵਿੱਚ ਇੱਕ ਦੂਜੇ ਨਾਲ ਜੋੜ ਕੇ 4-5 ਸੈਂਟੀਮੀਟਰ ਡੂੰਘੀਆਂ ਬੀਜ ਦਿਓ ਅਤੇ ਬਾਅਦ ਵਿੱਚ ਹਲਕਾ ਸੁਹਾਗਾ ਫੇਰ  ਕੇ ਹਲਕਾ ਪਾਣੀ ਲਾ ਦਿਓ। ਪੁੰਗਰੀਆਂ ਹੋਈਆਂ ਜੜ੍ਹਾਂ ਨਹੀਂ ਬੀਜਣੀਆਂ ਚਾਹੀਦੀਆਂ ਕਿਉਂਕਿ ਉਨ੍ਹਾਂ ਵਿੱਚੋਂ ਬਹੁਤੀਆਂ ਮਰ ਜਾਂਦੀਆਂ ਹਨ। ਵਧੇਰੇ ਹਰਾ ਮਾਦਾ ਅਤੇ ਪਾਣੀ ਦੀ ਬਚਤ ਲਈ ਜੜ੍ਹਾਂ ਨੂੰ 67.5 ਸੈਂਟੀਮੀਟਰ ਚੌੜੇ ਬੈੱਡਾਂ (ਦੋ ਲਾਈਨਾਂ) ’ਤੇ ਬੀਜੋ ਜਾਂ ਜੜ੍ਹਾਂ ਨੂੰ ਖਿਲਾਰ ਕੇ 60 ਸੈਂਟੀਮੀਟਰ ਚੌੜੀਆਂ ਵੱਟਾਂ ਬਣਾਓ। ਬਿਜਾਈ ਤੋਂ ਬਾਅਦ ਝੋਨੇ ਦੀ ਪਰਾਲੀ 2.4 ਟਨ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿੱਚ ਖਿਲਾਰ ਦਿਓ ਅਤੇ ਬਿਜਾਈ ਪਿੱਛੋਂ ਹਲਕਾ ਜਿਹਾ ਪਾਣੀ ਵੀ ਦਿਓ।
ਰਲਵੀਆਂ ਫ਼ਸਲਾਂ ਦੀ ਕਾਸ਼ਤ: ਮੈਂਥੇ ਦੀ ਫ਼ਸਲ ਨੂੰ ਹੋਰ ਫ਼ਸਲਾਂ ਵਿੱਚ ਬੀਜ ਕੇ ਆਮਦਨ ਵਿੱਚ ਚੋਖਾ ਵਾਧਾ ਕੀਤਾ ਜਾ ਸਕਦਾ ਹੈ। ਕਮਾਦ ਦੀਆਂ ਦੋ ਕਤਾਰਾਂ ਵਿਚਕਾਰ ਮੈਂਥੇ ਦੀ ਇੱਕ ਕਤਾਰ ਬੀਜਣੀ ਚਾਹੀਦੀ ਹੈ। ਮੈਂਥਾ ਅਤੇ ਕਮਾਦ ਫਰਵਰੀ ਵਿੱਚ ਇੱਕੋ ਸਮੇਂ ਬੀਜੇ ਜਾ ਸਕਦੇ ਹਨ। ਇਸ ਲਈ ਮੈਂਥੇ ਦੀਆਂ ਇੱਕ ਕੁਇੰਟਲ ਜੜ੍ਹਾਂ ਪ੍ਰਤੀ ਏਕੜ ਵਰਤੋ। ਕਮਾਦ ਦੀ ਫ਼ਸਲ ਨੂੰ ਸਿਫ਼ਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ 18 ਕਿਲੋ ਨਾਈਟ੍ਰੋਜਨ (39 ਕਿਲੋ ਯੂਰੀਆ), 10 ਕਿਲੋ ਫਾਸਫੋਰਸ (62 ਕਿਲੋ ਸੁਪਰ ਫਾਸਫੇਟ) ਪ੍ਰਤੀ ਏਕੜ ਪਾਓ। ਅਧੀ ਨਾਈਟ੍ਰੋਜਨ ਅਤੇ ਪੂਰੀ ਫਾਸਫੋਰਸ ਖਾਦ ਬਿਜਾਈ ਵੇਲੇ ਅਤੇ ਬਾਕੀ ਦੀ ਅੱਧੀ ਨਾਈਟ੍ਰੋਜਨ ਬਿਜਾਈ ਤੋਂ 40 ਦਿਨਾਂ ਪਿੱਛੋਂ ਪਾਓ। ਮੈਂਥੇ ਦਾ ਸਿਰਫ਼ ਇੱਕ ਹੀ ਲੌਅ ਲਵੋ।
ਮੈਂਥੇ ਅਤੇ ਸੂਰਜਮੁਖੀ ਦੀ ਰਲਵੀਂ ਫ਼ਸਲ ਨੂੰ ਬੜੀ ਕਾਮਯਾਬੀ ਨਾਲ ਉਗਾਇਆ ਜਾ ਸਕਦਾ ਹੈ। ਅਜਿਹਾ ਕਰਨ ਲਈ ਸੂਰਜਮੁਖੀ ਨੂੰ ਉੱਤਰ-ਦੱਖਣ ਦਿਸ਼ਾ ਵਿੱਚ ਬੀਜਣਾ ਚਾਹੀਦਾ ਹੈ। ਇਸ ਰਲਵੀਂ ਫ਼ਸਲ ਲਈ ਮੈਂਥੇ ਦੀਆਂ 150 ਕਿਲੋ ਪ੍ਰਤੀ ਏਕੜ ਜੜ੍ਹਾਂ ਵਰਤੋ। ਸੂਰਜਮੁਖੀ ਨੂੰ ਸਿਫ਼ਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ 23 ਕਿਲੋ ਨਾਈਟ੍ਰੋਜਨ (50 ਕਿਲੋ ਯੂਰੀਆ) ਅਤੇ 12 ਕਿਲੋ ਫਾਸਫੋਰਸ (75 ਕਿਲੋ ਸੁਪਰਫਾਸਫੇਟ) ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ। ਪੂਰੀ ਫਾਸਫੋਰਸ ਅਤੇ ਅੱਧੀ ਨਾਈਟ੍ਰੋਜਨ ਖਾਦ ਬਿਜਾਈ ਵੇਲੇ ਅਤੇ ਬਾਕੀ ਦੀ ਅੱਧੀ ਨਾਈਟ੍ਰੋਜਨ ਬਿਜਾਈ ਤੋਂ 40 ਦਿਨਾਂ ਪਿੱਛੋਂ ਪਾਓ।
ਖਾਦਾਂ ਦੀ ਵਰਤੋਂ: ਮੈਂਥਾ ਦੇਸੀ ਖਾਦਾਂ ਨੂੰ ਬਹੁਤ ਮੰਨਦਾ ਹੈ। ਚੰਗੀ ਗਲੀ ਸੜੀ ਰੂੜੀ 10-15 ਟਨ ਦੇ ਹਿਸਾਬ ਇੱਕ ਏਕੜ ਵਿੱਚ ਪਾਉਣੀ ਚਾਹੀਦੀ ਹੈ। ਇਸ ਫ਼ਸਲ ਨੂੰ ਦਰਮਿਆਨੀਆਂ ਜ਼ਮੀਨਾਂ ਵਿੱਚ 60 ਕਿਲੋ ਨਾਈਟ੍ਰੋਜਨ ਅਤੇ 16 ਕਿਲੋ ਫਾਸਫੋਰਸ ਪ੍ਰਤੀ ਏਕੜ ਪਾਓ। ਇਹ ਤੱਤ 130 ਕਿਲੋ ਯੂਰੀਆ, 35 ਕਿਲੋ ਡੀ.ਏ.ਪੀ. ਜਾਂ 100 ਕਿਲੋ ਸੁਪਰ ਫਾਸਫੇਟ ਤੋਂ ਮਿਲਦੇ ਹਨ। ਜੇਕਰ 35 ਕਿਲੋ ਡੀ.ਏ.ਪੀ. ਦੀ ਵਰਤੋਂ ਕੀਤੀ ਹੋਵੇ ਤਾਂ ਯੂਰੀਏ ਦੀ ਮਾਤਰਾ 15 ਕਿਲੋ ਘਟਾ ਦੇਣੀ ਚਾਹੀਦੀ ਹੈ। ਸਾਰੀ ਸੁਪਰ ਫਾਸਫੇਟ ਖਾਦ ਅਤੇ ਨਾਈਟ੍ਰੋਜਨ ਵਾਲੀ ਖਾਦ ਦਾ ਚੌਥਾ ਹਿੱਸਾ ਬਿਜਾਈ ਸਮੇਂ ਡਰਿੱਲ ਕਰ ਦਿਓ ਅਤੇ ਚੌਥਾ ਹਿੱਸਾ ਨਾਈਟ੍ਰੋਜਨ ਬਿਜਾਈ ਤੋਂ 40 ਦਿਨਾਂ ਬਾਅਦ ਪਾਓ। ਬਾਕੀ ਰਹਿੰਦੀ ਅੱਧੀ ਨਾਈਟ੍ਰੋਜਨ  ਵਾਲੀ ਖਾਦ ਨੂੰ ਦੋ ਬਰਾਬਰ ਹਿੱਸਿਆਂ ਵਿੱਚ ਕਰਕੇ ਪਹਿਲੀ ਕਿਸ਼ਤ ਪਹਿਲੀ ਕਟਾਈ ਤੋਂ ਤੁਰੰਤ ਬਾਅਦ ਅਤੇ ਦੂਜੀ 40 ਦਿਨਾਂ ਬਾਅਦ ਪਾਓ। (ਦੂੁਜੀ ਕਿਸ਼ਤ ਅਗਲੇ ਹਫ਼ਤੇ)
*ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ।


Comments Off on ਲਾਹੇਵੰਦ ਹੈ ਮੈਂਥੇ ਦੀ ਖੇਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.