ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਵੱਡੇ ਬਾਦਲ ਨੂੰ ਚੰਡੀਗੜ੍ਹ ਵਿੱਚ ਆਸ਼ਿਆਨੇ ਦੀ ਤਲਾਸ਼

Posted On March - 20 - 2017

ਦਵਿੰਦਰ ਪਾਲ
ਚੰਡੀਗੜ੍ਹ, 20 ਮਾਰਚ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਦਹਾਕੇ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ਸਰਕਾਰੀ ਰਿਹਾਇਸ਼ ਤੋਂ ਸੱਖਣਾ ਹੋਣਾ ਪੈ ਰਿਹਾ ਹੈ। ਸਾਬਕਾ ਮੁੱਖ ਮੰਤਰੀ ਇਨ੍ਹੀਂ ਦਿਨੀਂ ਚੰਡੀਗੜ੍ਹ ਵਿੱਚ ਕਿਰਾਏ ਦੇ ਮਕਾਨ ਦੀ ਤਲਾਸ਼ ਵਿੱਚ ਹਨ। ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਵਿਰੋਧੀ ਧਿਰ ਦਾ ਰੁਤਬਾ ਨਾ ਮਿਲਣ ਕਰਕੇ ਸ੍ਰੀ ਬਾਦਲ ਵਿਰੋਧੀ ਧਿਰ ਦੇ ਨੇਤਾ ਨਾ ਬਣਨ ਦੀ ਹੈਸੀਅਤ ਵਿੱਚ ਅਧਿਕਾਰਤ ਤੌਰ ’ਤੇ ਸਰਕਾਰੀ ਰਿਹਾਇਸ਼ ਹਾਸਲ ਨਹੀਂ ਕਰ ਸਕਦੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਨੂੰ ਚੰਡੀਗੜ੍ਹ ਵਿੱਚ ਪਸੰਦੀਦਾ ਸਰਕਾਰੀ ਰਿਹਾਇਸ਼ ਤੇ ਹੋਰ ਸਹੂਲਤਾਂ ਦੇਣ ਦੀ ਪੇਸ਼ਕਸ਼ ਕੀਤੀ ਹੈ ਪਰ ਸ੍ਰੀ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੇਸ਼ਕਸ਼ ਠੁਕਰਾਉਂਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਪਰ ਰਿਹਾਇਸ਼ ਦਾ ਪ੍ਰਬੰਧ ਉਹ ਖ਼ੁਦ ਕਰ ਲੈਣਗੇ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1997 ਤੋਂ 2002 ਦੀ ਹਕੂਮਤ ਦੌਰਾਨ ਸਾਬਕਾ ਮੁੱਖ ਮੰਤਰੀਆਂ ਨੂੰ ਰਾਜਧਾਨੀ ਵਿੱਚ ਘਰ ਦੇਣ ਲਈ ਕਾਨੂੰਨ ਬਣਾਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ 2002 ਵਿੱਚ ਸੱਤਾ ਵਿੱਚ ਆਉਣ ਮਗਰੋਂ ਇਹ ਕਾਨੂੰਨ ਖ਼ਤਮ ਕਰ ਕੇ ਸਾਬਕਾ ਮੁੱਖ ਮੰਤਰੀਆਂ ਦੀ ਸਹੂਲਤ ਖ਼ਤਮ ਕਰ ਦਿੱਤੀ ਸੀ। ਬਾਦਲ ਸਰਕਾਰ ਨੇ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਸੁਰੱਖਿਆ ਦੇ ਅਧਾਰ ’ਤੇ ਸੈਕਟਰ 2 ਵਿੱਚ ਸਰਕਾਰੀ ਕੋਠੀ ਅਲਾਟ ਕੀਤੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਸੱਤਾ ਤੋਂ 10 ਸਾਲ ਲਾਂਭੇ ਹੋਣ ਮਗਰੋਂ ਚੰਡੀਗੜ੍ਹ ਵਿੱਚ ਕਿਰਾਏ ਦੇ ਘਰ ’ਚ ਹੀ ਰਹਿੰਦੇ ਰਹੇ ਹਨ ਤੇ ਹੁਣ ਵੀ ਉਹ ਆਪਣਾ ਕੰਮ ਕਿਰਾਏ ਦੇ ਮਕਾਨ ਵਿੱਚੋਂ ਹੀ ਚਲਾ ਰਹੇ ਹਨ।
1997 ਤੋਂ ਮਾਣ ਰਹੇ ਨੇ ਸਰਕਾਰੀ ਘਰ ਦਾ ਸੁੱਖ
ਪ੍ਰਕਾਸ਼ ਸਿੰਘ ਬਾਦਲ 1997 ਵਿੱਚ ਜਦੋਂ ਮੁੱਖ ਮੰਤਰੀ ਬਣੇ ਤਾਂ ਉਹ ਮੁੱਖ ਮੰਤਰੀ ਦੇ ਅਧਿਕਾਰਤ ਬੰਗਲੇ ਵਿੱਚ ਹੀ ਰਹੇ। ਸਾਲ 2002 ਵਿੱਚ ਭਾਵੇਂ ਉਹ ਸੱਤਾ ਤੋਂ ਲਾਂਭੇ ਹੋ ਗਏ ਪਰ ਵਿਰੋਧੀ ਧਿਰ ਦੇ ਨੇਤਾ ਹੋਣ ਕਰਕੇ ਸੈਕਟਰ ਦੋ ਵਿੱਚ ਸਰਕਾਰ ਨੇ ਉਨ੍ਹਾਂ ਨੂੰ ਕੋਠੀ ਅਲਾਟ ਕਰ ਦਿੱਤੀ ਸੀ। ਬਾਦਲ ਪਰਿਵਾਰ ਦੀ ਇੱਥੋਂ ਦੇ ਸੈਕਟਰ 9 ਵਿੱਚ ਆਪਣੀ ਰਿਹਾਇਸ਼ ਸੀ। ਇਹ ਘਰ 15 ਕੁ ਵਰ੍ਹੇ ਪਹਿਲਾਂ ਹੀ ਬਣਾਇਆ ਗਿਆ ਪਰ ਦੋ ਕੁ ਸਾਲ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਨਾਲ ਲੱਗਦਾ ਪਲਾਟ ਖ਼ਰੀਦ ਕੇ ਵੱਡੀ ਕੋਠੀ ਉਸਾਰਨੀ ਸ਼ੁਰੂ ਕਰ ਦਿੱਤੀ ਹੈ। ਬਾਦਲ ਪਰਿਵਾਰ ਦੀ ਇਹ ‘ਵੱਡੀ ਕੋਠੀ’ ਅਜੇ ਤਿਆਰ ਨਹੀਂ ਹੋਈ। ਇਸ ਤਰ੍ਹਾਂ ਆਪਣੀ ਰਿਹਾਇਸ਼ ਤਿਆਰ ਨਾ ਹੋਣ ਕਾਰਨ ਸ੍ਰੀ ਬਾਦਲ ਵੱਲੋਂ ਚੰਡੀਗੜ੍ਹ ਵਿੱਚ ਕਿਰਾਏ ਦੇ ਮਕਾਨ ਦੀ ਤਲਾਸ਼ ਕੀਤੀ ਜਾ ਰਹੀ ਹੈ।


Comments Off on ਵੱਡੇ ਬਾਦਲ ਨੂੰ ਚੰਡੀਗੜ੍ਹ ਵਿੱਚ ਆਸ਼ਿਆਨੇ ਦੀ ਤਲਾਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.