ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੂਨ
ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਸਮੇਤ ਦੇਸ਼-ਵਿਦੇਸ਼ ਵਸਦੀ ਸਿੱਖ ਸੰਗਤ ਨੂੰ ਆਪਣੇ ਘਰਾਂ ਵਿਚ ਪੰਜਾਬੀ ਮਾਂ ਬੋਲੀ ਬੋਲਣ ਦੀ ਲਹਿਰ ਸਿਰਜਣ ਦਾ ਸੱਦਾ ਦਿੱਤਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੀ ਦੇਖ-ਰੇਖ ਹੇਠ ਦਿੱਲੀ ਦੇ ਬੱਚਿਆਂ ਲਈ ਲਗਾਏ 20 ਰੋਜ਼ਾ ਗੁਰਮਤਿ ਕੈਂਪਾਂ ਦੇ ਆਖਰੀ ਦਿਨ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ, ਵਾਲੰਟੀਅਰਾਂ ਤੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਇਸ ਵਾਰ ਦੇ ਕੈਂਪਾਂ ਵਿਚ 13 ਹਜ਼ਾਰ ਬੱਚਿਆਂ ਨੇ ਸ਼ਮੂਲੀਅਤ ਕੀਤੀ ਹੈ ਤੇ ਹਰ ਕੈਂਪ ਵਿਚ 15 ਤੋਂ 20 ਵਾਲੰਟੀਅਰਜ਼ ਨੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇਕ ਸਰਵੇਖਣ ਵੀ ਕਰਵਾਇਆ ਗਿਆ ਕਿ ਕਿੰਨੇ ਘਰਾਂ ਵਿਚ ਮਾਂ ਬੋਲੀ ਪੰਜਾਬੀ ਬੋਲੀ ਜਾਂਦੀ ਹੈ। ਸਰਵੇਖਣ ਦੀ ਰਿਪੋਰਟ ਮੁਤਾਬਕ 75 ਫੀਸਦੀ ਘਰਾਂ ਵਿਚ ਮਾਪੇ ਤੇ ਬੱਚੇ ਮਾਂ ਬੋਲੀ ਪੰਜਾਬੀ ਛੱਡ ਕੇ ਹਿੰਦੀ ਤੇ ਹੋਰ ਭਾਸ਼ਾਵਾਂ ਬੋਲ ਰਹੇ ਹਨ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਦੂਜੀਆਂ ਭਾਸ਼ਾਵਾਂ ਦਾ ਸਤਿਕਾਰ ਕਰਨ ਪਰ ਆਪਣੇ ਘਰਾਂ ਵਿਚ ਮਾਂ ਬੋਲੀ ਪੰਜਾਬੀ ਬੋਲਣ। ਉਨ੍ਹਾਂ ਬੱਚਿਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਆਪ ਘਰਾਂ ਵਿਚ ਪੰਜਾਬੀ ਬੋਲਣ ਦੀ ਸ਼ੁਰੂਆਤ ਕਰਨ ਤੇ ਘਰ ‘ਚ ਆਉਣ ਵਾਲੇ ਹਰ ਰਿਸ਼ਤੇਦਾਰ ਨੂੰ ਵੀ ਪੰਜਾਬੀ ਬੋਲਣ ਵਾਸਤੇ ਆਖਣ।