ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਮੱਕੀ ਅਤੇ ਮੂੰਗੀ ਦੀ ਖ਼ਰੀਦ ਵਿੱਚ ਪੰਜਾਬ ਦੇ ਕਿਸਾਨਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ ਪ੍ਰੰਤੂ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਤਮਾਸ਼ਬੀਨ ਬਣੀ ਬੈਠੀ ਹੈ। ਉਹ ਅੱਜ ਇੱਥੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਅਤੇ ਕਾਸ਼ਤਕਾਰਾਂ ਦੀ ਲੁੱਟ ਰੋਕਣ ਲਈ ਸਰਕਾਰ ਠੋਸ ਕਦਮ ਉਠਾਏ, ਨਹੀਂ ਤਾਂ ਅਕਾਲੀ ਦਲ ਵੱਲੋਂ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੱਕੀ ਦੀ ਐੱਮਐੱਸਪੀ 2090 ਰੁਪਏ ਪ੍ਰਤੀ ਕੁਇੰਟਲ ਮਿੱਥੀ ਗਈ ਹੈ ਪ੍ਰੰਤੂ ਕਿਸਾਨ ਤੋਂ ਮਹਿਜ਼ 1100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫ਼ਸਲ ਖਰੀਦੀ ਜਾ ਰਹੀ ਹੈ। ਇਸੇ ਤਰ੍ਹਾਂ ਮੂੰਗੀ 1500 ਰੁਪਏ ਘੱਟ ਕੀਮਤ ’ਤੇ ਖ਼ਰੀਦ ਕੇ ਕਿਸਾਨਾਂ ਨੂੰ ਚੂਨਾ ਲਾਇਆ ਜਾ ਰਿਹਾ ਹੈ ਪ੍ਰੰਤੂ ਇਸ ਗੰਭੀਰ ਮੁੱਦੇ ’ਤੇ ਸੂਬਾ ਸਰਕਾਰ ਚੁੱਪ ਧਾਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਲਈ ਫ਼ਸਲਾਂ ਵਾਸਤੇ ਬਦਲਵਾਂ ਪ੍ਰਬੰਧ ਕੀਤਾ ਜਾਵੇਗਾ ਅਤੇ ਸਮਰਥਨ ਮੁੱਲ ’ਤੇ ਫ਼ਸਲਾਂ ਖ਼ਰੀਦੀਆਂ ਜਾਣਗੀਆਂ ਲੇਕਿਨ ਹੁਣ ਸਰਕਾਰ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਲਾਵਾਰਿਸ ਛੱਡ ਕੇ ਗੁਆਂਢੀ ਸੂਬਿਆਂ ਦੇ ਦੌਰੇ ’ਤੇ ਹਨ। ਵੋਟਾਂ ਦੇ ਮੱਦੇਨਜ਼ਰ ਭਾਖੜਾ ਤੋਂ ਰਾਜਸਥਾਨ ਨੂੰ ਪੰਜਾਬ ਦਾ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਮੌਜੂਦ ਸਨ।