ਖੇਤਰੀ ਪ੍ਰਤੀਨਿਧ
ਪਟਿਆਲਾ, 4 ਜੁਲਾਈ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰ ਚਹਿਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਸਬੰਧੀ ਪੁੱਛਿਆ।
ਇਸ ਦੌਰਾਨ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਅਧਿਕਾਰੀ ਨੇ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਹੋਰ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ, ਓਪਨ ਏਅਰ ਜੇਲ੍ਹ ਨਾਭਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਿਹਤ ਵਿਭਾਗ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ 30 ਕੈਦੀਆਂ ਦਾ ਅੱਖਾਂ ਦੇ ਮਾਹਿਰ ਡਾਕਟਰ ਮਨਮੁਖ ਸਿੰਘ ਅਤੇ ਡਾਕਟਰ ਮਨਦੀਪ ਸਿੰਘ ਵੱਲੋਂ ਚੈਕਅੱਪ ਕੀਤਾ ਗਿਆ।
ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਂਟੀ ਕੁਰੱਪਸ਼ਨ ਕ੍ਰਾਈਮ ਪਰੀਵੈਂਸ਼ਨ ਕਮਿਊਨਿਟੀ ਓਰੀਐਂਟਿਡ ਪੋਲਿਸਿੰਗ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਜੇਲ੍ਹ ਵਿੱਚ ਰਹਿੰਦੀਆਂ ਔਰਤ ਕੈਦੀਆਂ ਨੂੰ ਸਿਲਾਈ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਕੈਂਪ ਵੀ ਲਗਾਇਆ ਗਿਆ। ਇਸ ਸਿਖਲਾਈ ਕੈਂਪ ਵਿੱਚ 20 ਔਰਤ ਕੈਦੀਆਂ ਨੇ ਹਿੱਸਾ ਲਿਆ। ਇਸ ਸਿਖਲਾਈ ਕੈਂਪ ਨੂੰ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਵੀ ਸੰਬੋਧਨ ਕੀਤਾ।