ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਜੁਲਾਈ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਮੰਗਵਾਲ ਵਿੱਚ ਤਰਕਸ਼ੀਲ ਸਮਾਗਮ ਮਾਸਟਰ ਪਰਮ ਵੇਦ ਦੀ ਅਗਵਾਈ ਹੇਠ ਕਰਵਾਇਆ ਗਿਆ। ਸਕੂਲ ਦੇ ਮੁੱਖ ਅਧਿਆਪਕ ਜਗਤਾਰ ਸਿੰਘ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧ-ਵਿਸ਼ਵਾਸਾਂ, ਵਹਿਮਾਂ-ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿੱਚੋਂ ਨਿਕਲ ਕੇ ਆਪਣਾ ਸੋਚਣਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।
ਉਨ੍ਹਾਂ ਕਿਹਾ ਕਿ ਵਿਗਿਆਨਕ ਤੌਰ ’ਤੇ ਜਾਗਰੂਕ ਹੋ ਕੇ ਅਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖ਼ਸੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹਿੰਮਤ, ਲਗਨ ਤੇ ਵਿਗਿਆਨਕ ਗੁਣ ਅਪਣਾ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਮਾਸਟਰ ਪਰਮਵੇਦ ਨੇ ਕਿਸੇ ਗੱਲ ਨੂੰ ਮੰਨਣ ਤੋਂ ਪਹਿਲਾਂ ਉਸ ਨੂੰ ਤਰਕ ਦੀ ਕਸੌਟੀ ’ਤੇ ਪਰਖਣ ਦਾ ਸੁਨੇਹਾ ਦਿੱਤਾ। ਸਕੂਲ ਅਧਿਆਪਕਾ ਆਸ਼ਾ ਗੁਪਤਾ ਨੇ ਵਿਦਿਆਰਥੀਆਂ ਦੀ ਸੋਚ ਵਿੱਚ ਵਿਗਿਆਨਕ ਵਿਚਾਰਾਂ ਦਾ ਸੰਚਾਰ ਕਰਨ ਹਿੱਤ ਤਰਕਸ਼ੀਲ ਸਮਾਗ਼ਮ ਕਰਨ ਲਈ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅੰਧਵਿਸ਼ਵਾਸ ਤਿਆਗਣ ਤੇ ਆਪਣੀ ਸੋਚ ਨੂੰ ਵਿਗਿਆਨਕ ਲੀਹ ’ਤੇ ਪਾਉਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਆਰਟ ਐਂਡ ਕਰਾਫਟ ਅਧਿਆਪਕਾ ਮਨਜੀਤ ਕੌਰ ਤੇ ਮਾਸਟਰ ਅਮਰੀਕ ਸਿੰਘ ਵੀ ਹਾਜ਼ਰ ਸਨ।