ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੁਲਾਈ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ’ਤੇ ਵਿਰੋਧ ਦਰਜ ਕਰਵਾਉਣ ਲਈ ਦੋ ਅਧਿਆਪਕਾਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸਾਂ ਨੂੰ ਗੈਰ-ਜਮਹੂਰੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਝੂਠ ਅਤੇ ਅਸਫਲਤਾਵਾਂ ਨੂੰ ਦਬਾਉਣ ਲਈ ਅਸਹਿਮਤੀ ਦੀਆਂ ਆਵਾਜ਼ਾਂ ਦਾ ਹਮਲਾਵਰ ਢੰਗ ਨਾਲ ਗਲ਼ਾ ਘੁੱਟ ਰਹੀ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਦਿਖਾਈ ਜੋ ਦੇਸ਼ ਤੇ ਖ਼ਾਸ ਕਰ ਕੇ ਪੰਜਾਬ ਦੇ ਭਵਿੱਖ ਦੇ ਨਿਰਮਾਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕਾ ਮਨਪ੍ਰੀਤ ਕੌਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿਚ ਉਹ ਆਪਣੇ ਵਿਦਿਆਰਥੀਆਂ ਨੂੰ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਉਸ ਵਰਗੇ ਅਸਥਾਈ ਅਧਿਆਪਕਾਂ ਨੂੰ ਰੈਗੂਲਰ ਨਹੀਂ ਕਰ ਰਹੀ।