ਗੁਰਿੰਦਰ ਸਿੰਘ
ਲੁਧਿਆਣਾ, 8 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਸੰਭਾਲ ਲਈ ਜ਼ੋਰਦਾਰ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਅੱਜ ਗੁਰਦੁਆਰਾ ਗੁਰੂ ਤੇਗ ਬਹਾਦਰ ਸਤਸੰਗ ਸਭਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਵਿਚਾਰ ਚਰਚਾ ਕਰਨ ਤੋਂ ਬਾਅਦ ਪੰਜਾਬ ਦੇ ਦਰਿਆਵੀ ਪਾਣੀਆਂ ਨੂੰ ਬਚਾਉਣ ਲਈ ਵੱਡੀ ਲੜਾਈ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਹੈ ਕਿ ਪਾਣੀ ਹਵਾ ਤੋਂ ਬਾਅਦ ਸੱਭ ਤੋਂ ਵੱਡੀ ਜ਼ਰੂਰਤ ਹੈ। ਇਹ ਪਾਣੀ ਜਿੱਥੇ ਕਿਸਾਨੀ ਲਈ ਬਹੁਤ ਜ਼ਰੂਰੀ ਹੈ, ਉਥੇ ਆਮ ਵਰਗਾਂ ਲਈ ਵੀ ਇਸ ਦੀ ਬਹੁਤ ਵੱਡੀ ਲੋੜ ਹੈ। ਸ੍ਰੀ ਕਾਦੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਪਾਣੀ ਦਾ ਪੱਧਰ ਨੀਵਾਂ ਜਾ ਰਿਹਾ ਹੈ ਅਤੇ ਇਸ ਲਈ ਮੁੱਖ ਤੌਰ ’ਤੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਮਾਹਿਰਾਂ ਦੀ ਕਮੇਟੀ ਕਾਇਮ ਕਰ ਕੇ ਸਮੁੱਚੇ ਵੇਰਵੇ ਇਕੱਤਰ ਕੀਤੇ ਜਾਣਗੇ ਕਿ ਪਾਣੀ ਦੀ ਦੁਰਵਰਤੋਂ ਕਿੱਥੇ ਕਿੱਥੇ ਹੋ ਰਹੀ ਹੈ ਅਤੇ ਇਸਨੂੰ ਕਿਵੇਂ ਰੋਕਿਆ ਜਾ ਸਕਦਾ ਹੈ ਬਾਰੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦੀ ਪੈਦਾ ਹੋ ਰਹੀ ਘਾਟ ਨੂੰ ਵੇਖਦਿਆਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਸ੍ਰੀ ਕਾਦੀਆਂ ਨੇ ਦੱਸਿਆ ਕਿ ਜੇਕਰ ਪੰਜਾਬ ਦੇ ਹੱਥੋਂ ਦਰਿਆਈ ਪਾਣੀ ਖੁੱਸ ਜਾਂਦਾ ਹੈ ਤਾਂ ਉਹ ਦਿਨ ਦੂਰ ਨਹੀਂ ਕਿ ਪੰਜਾਬ ਦੀ ਧਰਤੀ ਬੰਜਰ ਹੋ ਜਾਵੇਗੀ ਅਤੇ ਬੰਜਰ ਧਰਤੀ ਤੇ ਖੇਤੀਬਾੜੀ ਕਰਨਾ ਤਾਂ ਦੂਰ ਇਸ ਤੇ ਰਹਿਣਾ ਵੀ ਬਹੁਤ ਮੁਸ਼ਕਿਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਬਚਾਉਣ ਲਈ ਸ਼ਾਂਤਮਈ ਸੰਘਰਸ਼ ਜ਼ਰੂਰੀ ਹੋ ਗਿਆ ਹੈ ਜੋ ਕਿ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਇੱਕ ਹੋਰ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ ਕਿ ਪੰਜਾਬ ਦੇ ਰਹਿੰਦੇ ਜ਼ਿਲ੍ਹਿਆਂ ਦੀਆਂ ਜਥੇਬੰਧਕ ਚੋਣਾਂ ਜੁਲਾਈ/ ਅਗਸਤ ਮਹੀਨੇ ਵਿੱਚ ਕਰਵਾ ਕੇ ਸੂਬਾ ਕਮੇਟੀ ਦੀ ਚੋਣ ਦੀ ਤਾਰੀਖ ਤੈਅ ਕੀਤੀ ਜਾਵੇਗੀ।