ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਜੁਲਾਈ
ਪੀਏਸੀ, ਬੀਡੀਏਐਫ ਅਤੇ ਹੋਰ ਵਾਤਾਵਰਣ ਪ੍ਰੇਮੀਆਂ ਨੇ ਅੱਜ ਮੱਤੇਵਾੜਾ ਦੇ ਜੰਗਲਾਂ ਅਤੇ ਵਾਤਾਵਰਣ ਸੰਵੇਦਨਸ਼ੀਲ ਖੇਤਰਾਂ ਨੂੰ ਬਚਾਉਣ ਦੀ ਪਹਿਲੀ ਵਰ੍ਹੇਗੰਢ ਸਤਲੁਜ ਦਰਿਆ ਨੇੜੇ ਗੁਰਦੁਆਰੇ ਵਿੱਚ ਮਨਾਈ। ਇਸ ਮੌਕੇ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚੋਂ ਵਾਤਾਵਰਣ ਪ੍ਰੇਮੀਆਂ ਨੇ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੀਏਸੀ, ਬੀਡੀਏਐਫ ਅਤੇ ਵਾਤਾਵਰਣ ਪ੍ਰੇਮੀਆਂ ਨੇ ਕਿਹਾ ਕਿ 11 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟੈਕਸਟਾਈਲ ਪਾਰਕ ਬਣਾਉਣ ਦੀ ਤਜਵੀਜ਼ ਰੱਦ ਕਰਕੇ ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਸੀ। ਮੁੱਖ ਮੰਤਰੀ ਵੱਲੋਂ ਉਕਤ ਖੇਤਰ ਨੂੰ ਜੈਵਿਕ ਵਿਭਿੰਨਤਾ ਵਾਲੇ ਵੱਡੇ ਜੰਗਲ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਪੀਏਸੀ ਵੱਲੋਂ 31 ਅਗਸਤ, 2022 ਨੂੰ ਇੱਕ ਪ੍ਰਸਤਾਵ ਵੀ ਸੂਬਾ ਸਰਕਾਰ ਨੂੰ ਭੇਜਿਆ ਸੀ ਪਰ ਇੱਕ ਸਾਲ ਬੀਤ ਜਾਣ ’ਤੇ ਵੀ ਇਸ ਪਾਸੇ ਕੋਈ ਠੋਸ ਕਾਰਵਾਈ ਨਹੀਂ ਹੋਈ। ਪਹਿਲੀ ਵਰ੍ਹੇਗੰਢ ਮੌਕੇ ਉਕਤ ਜੱਥੇਬੰਦੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਵਾਤਾਵਰਣ ਸਬੰਧੀ ਗਤੀਵਿਧੀਆਂ ਕਰਵਾਈਆਂ। ਸਤਲੁਜ ਦੇ ਬੰਨ੍ਹ ਨੇੜੇ ਦੇਸੀ ਅਤੇ ਫਲਦਾਰ ਬੂਟੇ ਲਾਏ ਗਏ। ਪਾਣੀ ਦੀ ਸੰਭਾਲ ਸਬੰਧੀ ਇੱਕ ਵਰਕਸ਼ਾਪ ਲਾਈ ਗਈ। ਇਸ ਮੌਕੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ 11 ਜੁਲਾਈ, 2022 ਨੂੰ ਹੋਈ ਮੀਟਿੰਗ ਵਿੱਚ ਵਿਚਾਰੇ ਗਏ ਨੁਕਤਿਆਂ ਨੂੰ ਲਾਗੂ ਕਰਨ। ਪਿੰਡ ਦੇ ਲੋਕਾਂ ਦੇ ਉਜਾੜੇ ਤੋਂ ਬਿਨਾਂ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਢੁਕਵੀਂ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਤਲੁਜ ਅਤੇ ਬੁੱਢਾ ਦਰਿਆ ਵਿੱਚ ਵਧ ਰਹੇ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟਾਉਂਦਿਆਂ, ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ’ਤੇ ਕਾਰਵਾਈ ਕਰਨ, ਡੇਅਰੀਆਂ ਨੂੰ ਸ਼ਹਿਰੀ ਹੱਦ ਤੋਂ ਬਾਹਰ ਸ਼ਿਫਟ ਕਰਨ, ਸੋਧੇ ਹੋਏ ਪਾਣੀ ਦੀ ਮੁੜ ਵਰਤੋਂ ਕਰਨ ਦੀ ਮੰਗ ਕੀਤੀ।