ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਕਤੂਬਰ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕ ਹਿਤੈਸ਼ੀ ਮੁੱਦਿਆਂ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਵਿਧਾਨ ਸਭਾ ਦਾ ਰਹਿੰਦਾ ਮੌਨਸੂਨ ਇਜਲਾਸ ਸੱਦਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਗੁਰੂ ਤੇਗ਼ ਬਹਾਦਰ ਦੇ 400ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਦੀ ਆੜ ’ਚ ‘ਮੌਨਸੂਨ ਇਜਲਾਸ’ ਬੁਲਾਉਣ ਤੋਂ ਟਾਲਾ ਵੱਟ ਰਹੀ ਹੈ, ਜਦਕਿ 3 ਸਤੰਬਰ ਦੇ ਵਿਸ਼ੇਸ਼ ਇਜਲਾਸ ਨੂੰ ਤਕਨੀਕੀ ਅਤੇ ਸੰਵਿਧਾਨਕ ਤੌਰ ’ਤੇ ਮੌਨਸੂਨ ਇਜਲਾਸ ਨਾਲ ਨਹੀਂ ਜੋੜਿਆ ਜਾ ਸਕਦਾ। ਇਸ ਦਿਨ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਬਿਜ਼ਨਸ ਐਡਵਾਈਜ਼ਰੀ ਕਮੇਟੀ (ਬੀਏਸੀ) ਦੀ ਬੈਠਕ ’ਚ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਵਿਸ਼ਵਾਸ ਦਿਵਾਇਆ ਸੀ ਕਿ 15-20 ਦਿਨਾਂ ’ਚ ਇਜਲਾਸ ਮੁੜ ਸੈਸ਼ਨ ਸੱਦਿਆ ਜਾਵੇਗਾ, ਜਿਸ ’ਚ ਰਹਿੰਦੇ ਸਾਰੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਅੱਜ 53 ਦਿਨ ਬੀਤ ਜਾਣ ਤੋਂ ਬਾਅਦ ਵੀ ਇਜਲਾਸ ਨਹੀਂ ਬੁਲਾਇਆ ਜਾ ਰਿਹਾ। ਸ੍ਰੀ ਚੀਮਾ ਨੇ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਦੇ ਸਥਾਈ ਹੱਲ ਲਈ ਪੰਜਾਬ ਵਿਧਾਨ ਸਭਾ ਦਾ 15 ਦਿਨਾਂ ਦਾ ਇਜਲਾਸ ਸੱਦਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਖੇਤੀ ਕਾਨੂੰਨਾਂ ਅਤੇ ਖੇਤੀ ਸੰਕਟ ਦੇ ਸਦੀਵੀ ਹੱਲ ਲਈ ਵਿਸ਼ੇਸ਼ ਤੌਰ ’ਤੇ ਦੋ ਦਿਨ ਰਾਖਵੇਂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਪੰਜਾਬ ’ਚ ਬੀਐੱਸਐੱਫ ਦੇ ਖੇਤਰ ’ਚ ਕੀਤੇ ਵਾਧੇ ਖ਼ਿਲਾਫ਼ ਵੀ ਸਾਂਝਾ ਮਤਾ ਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏ) ਇਜਲਾਸ ਦੌਰਾਨ ਰੱਦ ਕੀਤੇ ਜਾਣੇ ਚਾਹੀਦੇ ਹਨ।