ਸੰਜੀਵ ਬੱਬੀ
ਚਮਕੌਰ ਸਾਹਿਬ, 23 ਦਸੰਬਰ
ਚਮਕੌਰ ਸਾਹਿਬ ਦੀ ਧਰਤੀ ‘ਤੇ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਤੇ ਇਸ ਦੇ ਨਾਲ ਹੀ ਨਿਹੰਗ ਸਿੰਘਾਂ ਨੇ ਵੀ ਮਹੱਲਾ ਕੱਢਿਆ, ਜਿਸ ਮਗਰੋਂ ਸ਼ਹੀਦੀ ਸਮਾਗਮ ਸਮਾਪਤ ਹੋਇਆ। ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਤਿੰਨ ਪਿਆਰਿਆਂ ਅਤੇ ਹੋਰ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਗਿਆਨੀ ਹਰਪਾਲ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਹ ਨਗਰ ਕੀਰਤਨ ਇੱਥੋਂ ਦੇ ਇਤਿਹਾਸਕ ਗੁਰਧਾਮਾਂ ਵਿੱਚ ਨਤਮਸਤਕ ਹੁੰਦਾ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਮੀਰੀ ਪੀਰੀ ਗਤਕਾ ਅਖਾੜਾ ਤੇ ਅਕਾਲ ਅਕੈਡਮੀ ਖਮਾਣੋਂ ਅਖਾੜਾ ਦੇ ਸਿੰਘਾਂ ਨੇ ਗਤਕੇ ਦੇ ਜ਼ੌਹਰ ਦਿਖਾਏ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ, ਅਕਾਲੀ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਮੈਨੇਜਰ ਭਾਈ ਨੱਥਾ ਸਿੰਘ, ਪ੍ਰਿੰਸੀਪਲ ਕਿਰਨਜੋਤ ਕੌਰ ਖੰਗੂੜਾ, ਭਾਈ ਨਰਿੰਦਰ ਸਿੰਘ, ਬਲਦੇਵ ਸਿੰਘ ਹਾਫਿਜ਼ਾਬਾਦ, ਬਾਈ ਪਰਮਿੰਦਰ ਸਿੰਘ ਸੇਖੋਂ ਤੇ ਬਾਬਾ ਜੋਗਿੰਦਰ ਸਿੰਘ ਸਮੇਤ ਕਈ ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਸਨ। ਜੋੜ ਮੇਲ ਦੀ ਨਿਗਰਾਨੀ ਜ਼ਿਲ੍ਹਾ ਪੁਲੀਸ ਮੁਖੀ ਵਿਵੇਕਸ਼ੀਲ ਸੋਨੀ, ਐੱਸਡੀਐੱਮ ਪਰਮਜੀਤ ਸਿੰਘ ਸਿੱਧੂ, ਐੱਸਪੀ ਤਰੁਣ ਰਤਨ ਕੁਮਾਰ ਤੇ ਐੱਸਪੀ ਰਾਜਪਾਲ ਸਿੰਘ ਹੁੰਦਲ ਦੀ ਨਿਗਰਾਨੀ ਹੇਠ ਕੀਤੀ ਗਈ, ਜਦਕਿ ਸਥਾਨਕ ਡੀਐੱਸਪੀ ਜਰਨੈਲ ਸਿੰਘ ਤੇ ਥਾਣਾ ਮੁਖੀ ਰੁਪਿੰਦਰ ਸਿੰਘ ਪੁਲੀਸ ਮੁਲਾਜ਼ਮਾਂ ਸਮੇਤ ਖ਼ੁਦ ਨਿਹੰਗ ਸਿੰਘਾਂ ਵੱਲੋਂ ਕੱਢੇ ਗਏ ਮਹੱਲੇ ਦੀ ਨਿਗਰਾਨੀ ਕਰ ਰਹੇ ਸਨ। ਸ਼ਹੀਦੀ ਸਮਾਗਮ ਦੇ ਤਿੰਨੋਂ ਦਿਨ ਦਰਜਨਾਂ ਪਿੰਡਾਂ ਦੀ ਸੰਗਤ ਵੱਲੋਂ ਲੰਗਰ ਵਰਤਾਏ ਗਏ।
ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਸੰਗਤ ਦੀ ਆਮਦ ਸ਼ੁਰੂ
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਹਿੱਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 26 ਤੋਂ 29 ਦਸੰਬਰ ਤੱਕ ਹੋਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਦੇਸ਼-ਵਿਦੇਸ਼ ਤੋਂ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਤਿਹਾਸਕ ਗੁਰਦੁਆਰੇ ਵਿੱਚ ਨਤਮਸਤਕ ਹੁੰਦਿਆਂ ਸ਼ਰਧਾਂਜਲੀ ਭੇਟ ਕੀਤੀ ਤੇ ਨੌਜਵਾਨ ਪੀੜ੍ਹੀ ਨੂੰ ਸਾਕਾ ਸਰਹਿੰਦ ਦੀਆਂ ਮਹਾਨ ਸ਼ਹਾਦਤਾਂ ਤੋਂ ਸੇਧ ਲੈਣ ਦੀ ਅਪੀਲ ਕੀਤੀ। ਸਿਆਸੀ ਸਵਾਲਾਂ ਤੋਂ ਗੁਰੇਜ਼ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ਨੂੰ ਸਿਜਦਾ ਕਰਨ ਲਈ ਆਏ ਹਨ। ਉਨ੍ਹਾਂ ਕੌਮ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਤੋਂ ਅਰਦਾਸ ਵੀ ਕਰਵਾਈ। ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਭਾਈ ਅਵਤਾਰ ਸਿੰਘ ਰਿਆ, ਮੈਂਬਰ ਰਵਿੰਦਰ ਸਿੰਘ ਖਾਲਸਾ, ਯੂਥ ਵਿੰਗ ਦੇ ਸਰਬਜੀਤ ਸਿੰਘ ਝਿੰਜਰ, ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਹਰਬੰਸ ਸਿੰਘ ਬਡਾਲੀ ਵੀ ਮੌਜੂਦ ਸਨ। ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ 26 ਦਸੰਬਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਆਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਪੈਣਗੇ।