ਨਵੀਂ ਦਿੱਲੀ, 25 ਅਪਰੈਲ
ਕੋਵਿਡ- 19 ਦੇ ਕੇਸਾਂ ਵਿੱਚ ਵਾਧੇ ਨਾਲ ਜੂਝ ਰਹੇ ਕਈ ਸੂਬਿਆਂ ਵਿੱਚ ਆਕਸੀਜਨ ਦੀ ਕਮੀ ਦਰਮਿਆਨ ਮੁਲਕ ਭਰ ਦੇ ਜਨਤਕ ਸਿਹਤ ਕੇਂਦਰਾਂ ਵਿੱਚ ਆਕਸੀਜਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ 551 ਮੈਡੀਕਲ ਆਕਸੀਜਨ ਜਨਰੇਸ਼ਨ ਪਲਾਂਟ ਸਥਾਪਤ ਕੀਤੇ ਜਾਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਦੱਸਿਆ ਕਿ ਪੀਐੱਮ ਕੇਅਰਜ਼ ਫੰਡ ਨੇ ਇਨ੍ਹਾਂ ਪਲਾਂਟਾਂ ਦੀ ਸਥਾਪਤੀ ਲਈ ਫੰਡਾਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲਦੀ ਇਨ੍ਹਾਂ ਪਲਾਂਟਾਂ ਨੂੰ ਚਲਾਉਣ ਸਬੰਧੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨਾਲ ਜ਼ਿਲ੍ਹਾ ਪੱਧਰ ’ਤੇ ਆਕਸੀਜਨ ਸਪਲਾਈ ਮੁਹੱਈਆ ਕਰਵਾਉਣ ’ਚ ਕਾਫ਼ੀ ਮਦਦ ਮਿਲੇਗੀ। ਇਹ ਪਲਾਂਟ ਵੱਖ-ਵੱਖ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਚੋਣਵੇਂ ਜ਼ਿਲ੍ਹਾ ਹੈੱਡਕੁਆਰਟਰਾਂ ’ਚ ਸਰਕਾਰੀ ਹਸਪਤਾਲਾਂ ਵਿੱਚ ਸਥਾਪਤ ਕੀਤੇ ਜਾਣਗੇ।-ਪੀਟੀਆਈ