ਸੰਤੋਖ ਗਿੱਲ / ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 22 ਅਕਤੂਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸਰਬਉੱਚ ਅਦਾਲਤ ਦੇ ਮੋਢਿਆਂ ਉੱਪਰ ਰੱਖ ਕੇ ਕਿਸਾਨ ਮੋਰਚੇ ਨੂੰ ਖਦੇੜਨ ਦੇ ਸੁਫ਼ਨੇ ਦੇਖਣੇ ਬੰਦ ਕਰ ਦੇਵੇ। ਸਰਕਾਰ ਦੇ ਹਰ ਹੱਥਕੰਡੇ ਦਾ ਢੁਕਵਾਂ ਉੱਤਰ ਦੇਣ ਲਈ ਸੰਯੁਕਤ ਕਿਸਾਨ ਮੋਰਚਾ ਸਮਰੱਥ ਹੈ। ਲੜੀਵਾਰ ਧਰਨੇ ਦੀ ਅਗਵਾਈ ਰਜਿੰਦਰ ਕੌਰ ਨੇ ਕੀਤੀ।
ਕਿਸਾਨ ਆਗੂਆਂ ਨੇ ਕਿਰਤੀਆਂ ਅਤੇ ਕਿਸਾਨਾਂ ਨੂੰ ਝੋਨੇ ਦੀ ਵਾਢੀ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ਉੱਪਰ ਚੱਲ ਰਹੇ ਮੋਰਚਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਅਪੀਲ ਕੀਤੀ। ਕਿਸਾਨ ਆਗੂਆਂ ਨੇ ਸਰਕਾਰ ਨੂੰ ਮੁੜ ਗੱਲਬਾਤ ਦਾ ਰਾਹ ਅਖ਼ਤਿਆਰ ਕਰ ਕੇ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਇਹ ਕਾਨੂੰਨ ਕਿਸਾਨਾਂ ਦੀ ਲੁੱਟ ਦਾ ਰਾਹ ਖੋਲ੍ਹਦੇ ਹਨ, ਉੱਥੇ ਮਹਿੰਗਾਈ ਅਤੇ ਬੇਰੁਜ਼ਗਾਰੀ ਵਿੱਚ ਵੀ ਵਾਧਾ ਕਰਨਗੇ। ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਜੜਤੌਲੀ, ਦਵਿੰਦਰ ਸਿੰਘ, ਮਲਕੀਤ ਸਿੰਘ ਨੇ ਵੀ ਸੰਬੋਧਨ ਕੀਤਾ। ਉੱਧਰ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਹਿੱਸੋਵਾਲ-ਰਕਬਾ ਟੋਲ ਪਲਾਜ਼ਾ ਉੱਪਰ ਵੀ ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਧਰਨਾ ਜਾਰੀ ਰਿਹਾ।
ਫ਼ੋਟੋ ਫਾਈਲ: 22 ਅਕਤੂਬਰ – ਗਿੱਲ 2
ਕੈਪਸ਼ਨ: ਖ਼ੁਸ਼ਕ ਬੰਦਰਗਾਹ ਸਾਹਮਣੇ ਕਿਸਾਨ ਆਗੂ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ। ਫ਼ੋਟੋ – ਗਿੱਲ