ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 22 ਅਕਤੂਬਰ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਅੱਜ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੇ ਨਾਲ-ਨਾਲ ਸ਼ਹਿਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਗੁਰਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅੱਜ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ। ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿਚ ਸ਼ਰਧਾਲੂ ਦਰਸ਼ਨ ਕਰਨ ਪੁੱਜ ਰਹੇ ਹਨ। ਅੱਜ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਜਲੌਅ ਸਜਾਏ ਗਏ ਹਨ। ਸਮੂਹ ਵਿੱਚ 50 ਟਨ ਫੁੱਲਾਂ ਨਾਲ ਕੀਤੀ ਸਜਾਵਟ ਮਨ ਮੋਹ ਰਹੀ ਹੈ। ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।