ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਮਾਰਚ
ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਪਹਿਲੇ ਦਸ ਕੈਬਨਿਟ ਮੰਤਰੀਆਂ ਦੀ ਸ਼ਮੂਲੀਅਤ ਵੇਲੇ ਅੰਮ੍ਰਿਤਸਰ ਸ਼ਹਿਰ ਨੂੰ ਨੁਮਾਇੰਦਗੀ ਨਹੀਂ ਦਿੱਤੀ ਗਈ। ਕਈ ਵੱਡੇ ਸਿਆਸੀ ਮਹਾਰਥੀਆਂ ਨੂੰ ਹਰਾਉਣ ਵਾਲਿਆਂ ਨੂੰ ਵੀ ਮੌਕਾ ਨਹੀਂ ਮਿਲਿਆ ਹੈ, ਜਿਨ੍ਹਾਂ ਬਾਰੇ ਚਰਚਾ ਸੀ ਕਿ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਕੇ ‘ਆਪ’ ਵੱਲੋਂ ਜਿੱਤ ਦਾ ਇਨਾਮ ਦਿੱਤਾ ਜਾਵੇਗਾ।
‘ਆਪ’ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ 2 ਵਿਧਾਇਕਾਂ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਅਤੇ ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ ਨੂੰ ਥਾਂ ਦਿੱਤੀ ਗਈ ਹੈ। ਇਹ ਦੋਵੇਂ ਦਿਹਾਤੀ ਹਲਕਿਆਂ ਨਾਲ ਸਬੰਧਤ ਹਨ। ਇਸ ਦੌਰਾਨ ਕਈ ਅਹਿਮ ‘ਆਪ’ ਵਿਧਾਇਕ ਇਸ ਮੰਤਰੀ ਮੰਡਲ ਦੇ ਪਹਿਲੇ ਪੜਾਅ ਵਿਚ ਸਥਾਨ ਪ੍ਰਾਪਤ ਕਰਨ ਤੋਂ ਰਹਿ ਗਏ ਹਨ।
ਅੰਮ੍ਰਿਤਸਰ ਦਾ ਹਲਕਾ ਪੂਰਬੀ, ਜੋ ਸਮੁੱਚੇ ਚੋਣ ਪ੍ਰਚਾਰ ਦੌਰਾਨ ਸੂਬੇ ਦੀ ਹੌਟ ਸੀਟ ਬਣਿਆ ਰਿਹਾ, ਤੋਂ ‘ਆਪ’ ਵਿਧਾਇਕਾ ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਰਾਇਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ‘ਆਪ’ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਹਰਾਇਆ ਹੈ, ਜੋ ਕਿ ਲਗਾਤਾਰ ਪੰਜ ਵਾਰ ਵਿਧਾਇਕ ਦੀ ਚੋਣ ਜਿੱਤ ਚੁੱਕੇ ਹਨ। ਇਸੇ ਤਰ੍ਹਾਂ ਹਲਕਾ ਪੱਛਮੀ ਵਿੱਚ ‘ਆਪ’ ਦੇ ਡਾ. ਜਸਬੀਰ ਸਿੰਘ ਸੰਧੂ ਨੇ ਪਿਛਲੇ ਤਿੰਨ ਵਾਰ ਦੇ ਜੇਤੂ ਕਾਂਗਰਸ ਦੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਹਰਾਇਆ ਹੈ। ਇਨ੍ਹਾਂ ਤੋਂ ਇਲਾਵਾ ਮੰਤਰੀ ਮੰਡਲ ਵਿਚ ਜਿਨ੍ਹਾਂ ਦੇ ਨਾਵਾਂ ਦੀ ਵਧੇਰੇ ਚਰਚਾ ਸੀ, ਉਨ੍ਹਾਂ ਵਿਚ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਨਾਂ ਵੀ ਸ਼ਾਮਲ ਹੈ। ਆਰਜ਼ੀ ਤੌਰ ’ਤੇ ਬਣਾਏ ਗਏ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਥਾਈ ਤੌਰ ’ਤੇ ਸਪੀਕਰ ਬਣਾਏ ਜਾਣ ਦੀ ਸੰਭਾਵਨਾ ਸੀ। ਫਿਲਹਾਲ ਇਨ੍ਹਾਂ ਵਿਚੋਂ ਕਿਸੇ ਵੀ ਵਿਧਾਇਕ ਨੂੰ ਚਰਚਾ ਤੇ ਉਮੀਦਾਂ ਮੁਤਾਬਕ ਮੰਤਰੀ ਮੰਡਲ ਵਿਚ ਥਾਂ ਨਹੀਂ ਮਿਲੀ ਹੈ।