ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 17 ਅਕਤੂਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਸਥਾਨਕ ਰਿਹਾਇਸ਼ ‘ਤੇ ਪੁੱਜ ਕੇ ਉਨ੍ਹਾਂ ਦੀ ਗ਼ੈਰਮੌਜੂਦਗੀ ‘ਚ ਉਨ੍ਹਾਂ ਦੇ ਪੀਏ ਦਰਬਾਰਾ ਸਿੰਘ ਨੂੰ ਮੰਗ ਪੱਤਰ ਸੌਂਪਿਆ। ਇਸ ਉਪਰੰਤ ਯੂਨੀਅਨ ਦੀ ਬਲਾਕ ਪ੍ਰਧਾਨ ਸੁਰਿੰਦਰ ਕੌਰ ਬਾਗੜੀਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆਂਗਣਵਾੜੀ ਮੁਲਾਜ਼ਮ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ, ਜੋ ਵਫ਼ਾ ਨਹੀਂ ਹੋਇਆ। ਮੁਲਾਜ਼ਮ ਆਗੂ ਨੇ ਕਿਹਾ ਕਿ ਆਂਗਣਵਾੜੀ ਕੇੇਂਦਰਾਂ ਦੇ 3 ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਸਨ, ਨੂੰ ਸਮਝੌਤੇ ਅਨੁਸਾਰ ਸੈਂਟਰਾਂ ਵਿਚ ਭੇਜੇ ਜਾਣ, ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ‘ਤੇ ਮਾਣ ਭੱਤਾ ਦਿੱਤਾ ਜਾਵੇ, ਐਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ, ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ ਤੇ ਮਿਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਹਰਪ੍ਰੀਤ ਕੌਰ ਭੱਟੀਆਂ ਸਰਕਲ ਪ੍ਰਧਾਨ, ਸੁਰਿੰਦਰ ਕੌਰ ਹਥਨ ਸਰਕਲ ਪ੍ਰਧਾਨ, ਸੱਤਿਆ ਮਾਲੇਰਕੋਟਲਾ ਸਰਕਲ ਪ੍ਰਧਾਨ ਵੀ ਮੌਜੂਦ ਸਨ।