ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ/ਕੀਰਤਪੁਰ ਸਾਹਿਬ, 16 ਮਾਰਚ
ਇਤਿਹਾਸਿਕ ਧਰਤੀ ਕੀਰਤਪੁਰ ਸਾਹਿਬ ਵਿਖੇ ਤਿੰਨ ਦਿਨਾਂ ਤੱਕ ਚੱਲੇ ਧਾਰਮਿਕ ਸਮਾਗਮ ਅੱਜ ਸਮਾਪਤ ਹੋਣ ਮਗਰੋਂ ਭਲਕੇ ਵੀਰਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ-ਮਹੱਲਾ ਸ਼ੁਰੂ ਹੋ ਜਾਵੇਗਾ। ਸਿੱਖਾਂ ਦੇ ਕੌਮੀ ਤਿਉਹਾਰ ਮੌਕੇ ਪਵਿੱਤਰ ਨਗਰੀ ਪੂਰੇ ਖਾਲਸਈ ਰੰਗ ਵਿੱਚ ਰੰਗ ਚੁੱਕੀ ਹੈ। ਜ਼ਿਕਰਯੋਗ ਹੈ ਕਿ ਹੋਲੇ-ਮਹੱਲੇ ਦਾ ਤਿਉਹਾਰ 14 ਮਾਰਚ ਤੋਂ 16 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 17 ਮਾਰਚ ਤੋਂ 19 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
ਕਰੋਨਾ ਮਹਾਮਾਰੀ ਕਰਕੇ ਬੀਤੇ ਦੋ ਸਾਲਾਂ ਤੋਂ ਇਸ ਤਿਉਹਾਰ ਦੇ ਰੰਗ ਫਿੱਕੇ ਰਹੇ ਸਨ ਪਰ ਇਸ ਵਾਰ ਕਰੋਨਾ ਪਾਬੰਦੀਆਂ ਹਟਾਉਣ ਮਗਰੋਂ ਪਹਿਲੀ ਵਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਇੱਥੇ ਦਰਸ਼ਨਾਂ ਲਈ ਪਹੁੰਚ ਰਹੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐੱਸਐੱਸਪੀ ਸੁਸ਼ੀਲ ਸੋਨੀ ਨੇ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਾਰ ਸੰਗਤ ਦੀ ਆਮਦ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਵਿਸ਼ੇਸ਼ ਹੋਲਾ-ਮਹੱਲਾ ਵੈਬਸਾਈਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਜਾਣਕਾਰੀ ਉਪਲੱਬਧ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਤ ਲਈ ਲੰਗਰਾਂ, ਰਿਹਾਇਸ਼ ਆਦਿ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਜਾਣਕਾਰੀ ਦਿੰਦਿਆਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਹੈਪੀ ਨੇ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅੱਜ ਹੋਲੇ ਮੁਹੱਲੇ ਦਾ ਪਹਿਲਾ ਪੜਾਅ ਸਮਾਪਤ ਹੋ ਗਿਆ ਹੈ ਤੇ ਭਲਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਨੌਂ ਵਜੇ ਅਖੰਡ ਪਾਠ ਸਾਹਿਬ ਆਰੰਭ ਕਰਨ ਨਾਲ ਦੂਜਾ ਪੜਾਅ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਤਖ਼ਤ ਸਾਹਿਬ ਦੇ ਪ੍ਰਬੰਧਕੀ ਬਲਾਕ ਦੀ ਨਵੀਂ ਇਮਾਰਤ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਲਈ ਅਰਦਾਸ ਮਗਰੋਂ ਟੱਕ ਲਗਾਇਆ ਜਾਵੇਗਾ।
ਇਸੇ ਤਰ੍ਹਾਂ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਵੀ ਚੜ੍ਹਦੀ ਕਲਾਂ ਨਾਲ ਮਹੱਲਾ ਕੱਢਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਨਿਹੰਗ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਬਾਬਾ ਬੁੱਢਾ ਦਲ, ਹਰੀਆ ਵੇਲਾ ਵਾਲੇ, ਬਿਧੀ ਚੰਦੀਏ ਸਣੇ ਸਮੂਹ ਦਲਪੰਥ ਨਾਲ ਜੁੜੇ ਨਿਹੰਗ ਸਿੰਘ ਗੁਰੂ ਕੀ ਨਗਰੀ ਪਹੁੰਚ ਚੁੱਕੇ ਹਨ, ਜਿਨ੍ਹਾਂ ਵੱਲੋਂ 19 ਮਾਰਚ ਨੂੰ ਮਹੱਲਾ ਕੱਢਿਆ ਜਾਵੇਗਾ।