ਗੁਰਨਾਮ ਸਿੰਘ ਚੌਹਾਨ
ਪਾਤੜਾਂ, 15 ਅਕਤੂਬਰ
ਸਬ ਡਿਵੀਜ਼ਨ ਪਾਤੜਾਂ ਦੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਸਾਗਰਾ ਦਾ ਪਰਿਵਾਰ ਆਰਥਿਕ ਤੰਗੀ ਕਾਰਨ ਮਕਾਨ ਦੀ ਛੱਤ ਨਾ ਪੁਆ ਸਕਣ ਕਾਰਨ ਪਿੰਡ ਦੀ ਧਰਮਸ਼ਾਲਾ ਵਿੱਚ ਦਿਨ ਕੱਟੀ ਕਰਨ ਲਈ ਮਜਬੂਰ ਹੈ। ਰਿਹਾਇਸ਼ੀ ਮਕਾਨ ਬਣਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਨਾ ਮਿਲਣ ਕਰਕੇ ਗ਼ਰੀਬ ਪਰਿਵਾਰ ਨਿਰਾਸ਼ ਹੈ। ਅੱਜ ਸਮਾਜਿਕ-ਆਰਥਿਕ-ਰਾਜਨੀਤਿਕ ਪਰਿਵਰਤਨ ਜਾਗਰੂਕਤਾ ਲਹਿਰ ਆਗੂ ਤਜਿੰਦਰ ਸਿੰਘ ਮੱਟੂ ਨੇ ਗਰੀਬ ਪਰਿਵਾਰ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸਹਾਇਤਾ ਰਾਸ਼ੀ ਦਿਵਾਉਣ ਦਾ ਭਰੋਸਾ ਦਿਵਾਇਆ। ਘੱਗਰ ਪੱਟੀ ਦੇ ਪਿੰਡ ਸਾਗਰਾ ਦੇ ਰਹਿਣ ਵਾਲੇ ਕਸ਼ਮੀਰ ਸਿੰਘ ਦੇ ਮਕਾਨ ਦੀ ਛੱਤ ਬਰਸਾਤਾਂ ਦੌਰਾਨ ਡਿੱਗ ਗਈ ਸੀ ਪਰ ਆਰਥਿਕ ਮੰਦਹਾਲੀ ਕਾਰਨ ਉਹ ਹੁਣ ਤੱਕ ਮਕਾਨ ਦੀ ਮੁਰੰਮਤ ਨਹੀਂ ਕਰਵਾ ਸਕਿਆ। ਇਸ ਕਰਕੇ ਪਰਿਵਾਰਕ ਮੈਂਬਰਾਂ ਨੂੰ ਪਿੰਡ ਦੀ ਧਰਮਸ਼ਾਲਾ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਹਲਕਾ ਸ਼ੁਤਰਾਣਾ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰ ਰਹੇ ਡਾ. ਜਤਿੰਦਰ ਸਿੰਘ ਮੱਟੂ ਨੇ ਪਿੰਡ ਸਾਗਰਾ ਵਿੱਚ ਗਰੀਬ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਸੁਣਣ ਮਗਰੋਂ ਕਿਹਾ ਕਿ ਇਲਾਕੇ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਲੋਕਾਂ ਦੀਆਂ ਦੁੱਖ ਤਕਲੀਫਾਂ ਹੱਲ ਕਰਨ ਵੱਲ ਕੋਈ ਧਿਆਨ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ਼ਰੀਬ ਲੋਕਾਂ ਦੀ ਭਲਾਈ ਲਈ ਜਾਰੀ ਕੀਤਾ ਪੈਸਾ ਲਾਭਪਾਤਰੀਆਂ ਤੱਕ ਪਹੁੰਚਿਆ ਹੈ ਜਾਂ ਰਸਤੇ ਵਿੱਚ ਹੀ ਗੜੱਪ ਹੋ ਗਿਆ, ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।