ਪੱਤਰ ਪ੍ਰੇਰਕ
ਪਠਾਨਕੋਟ, 9 ਅਕਤੂਬਰ
ਸ਼ਹਿਰ ਵਿੱਚ ਨਾਜਾਇਜ਼ ਰੂਪ ’ਚ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਜ਼ਿਲ੍ਹਾ ਪੁਲੀਸ ਤੇ ਐਕਸਾਈਜ਼ ਵਿਭਾਗ ਵੱਲੋਂ ਅੱਜ ਸਵੇਰੇ ਤੜਕੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਸ਼ਰਾਬ ਕਬਜ਼ੇ ਵਿੱਚ ਲਈ ਹੈ। ਇਸ ਦੇ ਨਾਲ ਹੀ ਇੱਕ ਹੋਰ ਕਾਰੋਬਾਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵਿਭਾਗ ਨੇ ਉਸ ਦੀ ਕੋਠੀ ਨੂੰ ਸੀਲ ਕੀਤਾ ਹੈ। ਪੁਲੀਸ ਤੇ ਐਕਸਾਈਜ਼ ਵਿਭਾਗ ਵੱਲੋਂ ਅਲੱਗ-ਅਲੱਗ ਥਾਵਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਡੀਐੱਸਪੀ ਸਿਟੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਦੋਹਾਂ ਵਿਭਾਗਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਨਾਜਾਇਜ਼ ਰੂਪ ਨਾਲ ਜ਼ਿਲ੍ਹੇ ਅੰਦਰ ਸ਼ਰਾਬ ਦਾ ਕਾਰੋਬਾਰ ਕਰ ਰਹੇ ਹਨ। ਜਿਸ ਕਾਰਨ ਅੱਜ ਸਵੇਰੇ ਕਾਰਵਾਈ ਹੋਏ ਇੱਕ ਘਰ ਵਿੱਚੋਂ 109 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਘਰ ਅੰਦਰ ਪਈ ਇੱਕ ਸਕੂਟੀ ਤੇ ਇੱਕ ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜਲਦੀ ਹੀ ਸਾਰੇ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਣਗੇ। ਉਨ੍ਹਾਂ ਕਿਹਾ ਕਿ ਜਿਸ ਘਰ ਵਿੱਚੋਂ ਸ਼ਰਾਬ ਬਰਾਮਦ ਕੀਤੀ ਗਈ ਹੈ, ਉਸ ਦੇ ਮਾਲਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਨਾਂ ਵਿਨੋਦ ਕੁਮਾਰ ਉਰਫ ਲੌਂਡੀ ਵਾਸੀ ਪ੍ਰੇਮ ਨਗਰ ਢਾਕੀ ਹੈ ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ’ਤੇ ਪਹਿਲਾਂ ਵੀ ਐਨਡੀਪੀਐੱਸ ਤੇ ਲੜਾਈ ਝਗੜੇ ਦੇ ਮਾਮਲੇ ਦਰਜ ਹਨ।