ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਅਕਤੂਬਰ
ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਇਥੇ ਪਾਵਰਕੌਮ ਦੇ ਡਵੀਜ਼ਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਨੂੰ ਸੂਬਾ ਆਗੂ ਫਲਜੀਤ ਸਿੰਘ, ਸਰਕਲ ਆਗੂ ਜਗਦੇਵ ਸਿੰਘ, ਅਸ਼ਵਨੀ ਕੁਮਾਰ, ਪਰਵਿੰਦਰ ਸਿੰਘ, ਗੁਰਮੀਤ ਸਿੰਘ, ਨਿਰਭੈ ਸਿੰਘ ਤੇ ਜਸਵੀਰ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਵਾਜਬ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋੋਸ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ 1-12-2011 ਤੋਂ ਪੇ-ਬੈਂਡ ਵਿਚ ਵਾਧਾ ਕੀਤਾ ਜਾਵੇ, 23 ਸਾਲਾ ਦੀ ਸੇਵਾ ਬਾਅਦ ਤਰੱਕੀ ਵਾਧਾ ਦਿੱਤਾ ਜਾਵੇ, ਕੰਟਰੈਕਟਰ ’ਤੇ ਲੱਗੇ ਕੱਚੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦਿੱਤੀਆਂ ਜਾਣ, ਖਾਲੀ ਅਸਾਮੀਆਂ ਰੈਗੂਲਰ ਤੌਰ ’ਤੇ ਭਰੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਹਾਇਕ ਲਾਈਨਮੈਨ ਤੋਂ ਬਣਦੀ ਡਿਊਟੀ ਲਈ ਜਾਵੇ, ਸ਼ਰਤਾਂ ਪੂਰੀਆਂ ਕਰਦੇ ਸਹਾਇਕ ਲਾਈਨਮੈਨਾਂ ਨੂੰ ਲਾਈਨਮੈਨ ਬਣਾਇਆ ਜਾਵੇ, ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਗਲਤ ਢੰਗ ਨਾਲ ਕੀਤੇ ਬਿਜਲੀ ਖਰੀਦ ਸਮਝੌਤੇ ਰੱਦ ਕੀਤੇ ਜਾਣ। ਧਰਨੇ ਦੌਰਾਨ ਲਖੀਮਪੁਰ ਖੀਰੀ ’ਚ ਸ਼ਹੀਦ ਕੀਤੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਤੇ ਉਸਦੇ ਲੜਕੇ ਖ਼ਿਲਾਫ਼ ਸਖਤ ਕਾਰਵਾਈ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।
ਆਗੂਆਂ ਨੇ ਐਲਾਨ ਕੀਤਾ ਕਿ 18 ਅਕਤੂਬਰ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਪਟਿਆਲਾ ਦੇ ਤਿੰਨੋਂ ਮੁੱਖ ਗੇਟਾਂ ਉਪਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ 27 ਤੇ 28 ਨੂੰ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾਣਗੇ।
ਲਹਿਰਾਗਾਗਾ (ਪੱਤਰ ਪ੍ਰੇਰਕ) ਇਥੇ ਅੱਜ ਪਾਵਰਕੌਮ ਦੇ ਡਿਵੀਜ਼ਨ ਦਫ਼ਤਰ ਅੱਗੇ ਪੀਐੱਸਈਬੀ ਜੁਆਇੰਟ ਫੋਰਮ ਵੱਲੋਂ ਪਾਵਰਕੌਮ, ਸੂਬਾ ਸਰਕਾਰ, ਕੇਂਦਰ ਸਰਕਾਰ ਦੀਆਂ ਨਿੱਜੀਕਰਨ ਨੀਤੀਆਂ ਤੇ ਮਜ਼ਦੂਰਾਂ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਗੇਟ ਰੈਲੀ ਕਰਕੇ ਜੋ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਬਿਜਲੀ ਕਾਮਿਆਂ ਨੇ ਉਤਰ ਪ੍ਰਦੇਸ਼ ਦੇ ਲਖੀਰਪੁਰ ਖੀਰੀ ’ਚ ਵਾਪਰੇ ਕਤਲੇਆਮ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਪੀ.ਐਸ.ਈ.ਬੀ ਜੁਆਇੰਟ ਫੋਰਮ ਵੱਲੋਂ 18 ਅਕਤੂਬਰ ਨੂੰ ਪਾਵਰਕੌਮ ਦੇ ਪਟਿਆਲਾ ਸਥਿਤ ਹੈਡਕੁਆਰਟਰ ਦੇ ਤਿੰਨੇ ਗੇਟਾਂ ਦਾ ਘਿਰਾਓ ਕਰਨ ਅਤੇ 27-28 ਅਕਤੂਬਰ ਨੂੰ ਸਮੂਹਿਕ ਬਿਜਲੀ ਕਾਮੇ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ।