ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 7 ਅਕਤੂਬਰ
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ, ਮੈਡੀਕਲ ਸਾਜ਼ੋ-ਸਾਮਾਨ ਦੀ ਉਪਲਬਧਤਾ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਖ਼ੁਦ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਦੀ ਆਮਦ ਤੇ ਸਿਹਤ ਸਟਾਫ਼ ਬਾਰੇ ਵੀ ਜਾਣਿਆ। ਮੰਤਰੀ ਨੇ ਐਮਰਜੈਂਸੀ ਬਲਾਕ ਅਤੇ ਜ਼ੱਚਾ-ਬੱਚਾ ਵਾਰਡਾਂ ਵਿੱਚ ਜਾ ਕੇ ਉੱਥੇ ਦਾਖ਼ਲ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਦਾ ਭਰੋਸਾ ਦਿੱਤਾ।
ਜੌੜੇਮਾਜਰਾ ਨੇ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਕਿ ਐਮਰਜੈਂਸੀ ਵਾਰਡ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕੇਸਾਂ ਵਿੱਚ ਪਰਚੀ ਬਣਾਉਣ ਸਮੇਤ ਬਾਕੀ ਕਾਰਵਾਈ ਬਾਅਦ ਵਿੱਚ ਵੀ ਮੁਕੰਮਲ ਕੀਤੀ ਜਾ ਸਕਦੀ ਹੈ ਜਦੋਂ ਕਿ ਸਭ ਤੋਂ ਪਹਿਲਾਂ ਕੰਮ ਮਰੀਜ਼ ਨੂੰ ਸੰਭਾਲਣਾ ਤੇ ਇਲਾਜ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਥਾਂ ਹਸਪਤਾਲ ਵਿੱਚ ਉਪਲਬਧ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਸਾਫ਼-ਸਫ਼ਾਈ ਵੱਲ ਹੋਰ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਸਿਹਤ ਮੰਤਰੀ ਨੇ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐੱਸਐੱਮਓ ਡਾ. ਐੱਚਐੱਸ ਚੀਮਾ ਤੇ ਡਾ. ਵਿਜੈ ਭਗਤ, ਮੈਡੀਕਲ ਅਫ਼ਸਰ ਡਾ. ਪਰਮਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
ਸਰਕਾਰੀ ਹਸਪਤਾਲਾਂ ਵਿੱਚ ਲਾਈਆਂ ਜਾਣਗੀਆਂ ਟੋਕਨ ਮਸ਼ੀਨਾਂ
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਚਨਾਰਥਲ ਕਲਾਂ ਵਿੱਚ ਸਮਾਗਮ ਵਿੱਚ ਸ਼ਾਮਲ ਹੋਏ। ਜੌੜੇਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਪਰਚੀਆਂ ਕਟਵਾਉਣ ਲਈ ਲੰਬੀਆਂ ਲਾਈਨਾਂ ’ਚ ਖੜ੍ਹਨ ਤੋਂ ਛੁਟਕਾਰਾ ਦੁਆਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟੋਕਨ ਮਸ਼ੀਨਾਂ ਲਗਾਉਣ ਦੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੀ ਪਹਿਲੀ ਮਸ਼ੀਨ ਪਟਿਆਲਾ ਦੇ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਲਗਾਈ ਗਈ ਹੈ ਅਤੇ ਇਸ ਦੀ ਫੀਡਬੈਕ ਲੈਣ ਮਗਰੋਂ ਰਾਜ ਦੇ ਸਾਰੇ ਹਸਪਤਾਲਾਂ ਵਿੱਚ ਇਹ ਮਸ਼ੀਨਾਂ ਲਗਾਈਆਂ ਜਾਣਗੀਆਂ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਜੌੜੇਮਾਜਰਾ ਦਾ ਸਨਮਾਨ ਵੀ ਕੀਤਾ ਗਿਆ।