ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 12 ਮਾਰਚ
ਇਥੇ ਜਲੰਧਰ-ਪਠਾਨਕੋਟ ਰੇਲਵੇ ਮਾਰਗ ਨੇੜੇ ਅੱਜ ਫੋਕਲ ਪੁਆਇੰਟ ਦੇ ਸਾਹਮਣੇ ਕਰੀਬ 20 ਗਊਆਂ ਮਰੀਆਂ ਹੋਈਆਂ ਮਿਲੀਆਂ ਹਨ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਟਾਂਡਾ ਪੁਲੀਸ ਅਤੇ ਰੇਲਵੇ ਪੁਲੀਸ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ, ਜਿਥੇ ਉਨ੍ਹਾਂ ਨੂੰ ਮਰੇ ਹੋਏ ਪਸ਼ੂ ਮਿਲੇ, ਜਿਨ੍ਹਾਂ ਦੀ ਚਮੜੀ ਲਾਹੀ ਹੋਈ ਸੀ। ਇਸ ਸਬੰਧੀ ਰੇਲਵੇ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਹਿੰਦੂ ਸੰਗਠਨਾਂ ਦੇ ਮੈਂਬਰਾਂ ਤੇ ਸਿਆਸੀ ਪਾਰਟੀਆਂ ਦੇ ਆਗੂ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਰੋਸ ਜ਼ਾਹਿਰ ਕਰਦਿਆਂ ਕਰੀਬ ਚਾਰ ਘੰਟੇ ਕੌਮੀ ਮਾਰਗ ਜਾਮ ਕੀਤਾ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਜਲਦੀ ਕਾਰਵਾਈ ਕੀਤੀ ਜਾਵੇ।
ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜਾਂਚ ਲਈ ਦੋ ਮੈਂਬਰੀ ਕਮੇਟੀ ਕਾਇਮ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਟਾਂਡਾ ਵਿੱਚ ਮਿਲੀਆਂ ਮਰੀਆਂ ਹੋਈਆਂ ਗਊਆਂ ਦੀ ਘਟਨਾ ਦੀ ਨਿਖੇਧੀ ਕਰਦਿਆਂ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਘਟਨਾ ਦੀ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ 7 ਦਿਨਾਂ ਦੇ ਅੰਦਰ ਕਮਿਸ਼ਨ ਨੂੰ ਪੂਰੇ ਮਾਮਲੇ ਦੀ ਵਿਸਥਾਰ ਨਾਲ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚੇਅਰਮੈਨ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਜਲਦੀ ਹੀ ਮੁੱਖ ਮੰਤਰੀ ਪੰਜਾਬ ਨੂੰ ਮਿਲਣਗੇ।