ਸ਼ੰਗਾਰਾ ਸਿੰਘ ਅਕਲੀਆ
ਜੋਗਾ, 10 ਅਕਤੂਬਰ
ਸ਼ਹਿਰ ਜੋਗਾ, ਪਿੰਡਾਂ ਅਕਲੀਆ,ਰੱਲਾ, ਉੱਭਾ, ਬੁਰਜ ਝੱਬਰ, ਰੜ੍ਹ ਆਦਿ ਥਾਵਾਂ ਦੇ ਵਸਨੀਕ ਵਾਰਡਾਂ ਵਿੱਚ ਘੁੰਮਦੇ ਲਾਵਾਰਿਸ ਪਸ਼ੂਆਂ ਤੋਂ ਪ੍ਰੇਸ਼ਾਨ ਹਨ। ਸ਼੍ਰੋਮਣੀ ਅਕਾਲੀ ਦਲ ਸਰਕਲ ਜੋਗਾ ਦੇ ਪ੍ਰਧਾਨ ਭਰਪੂਰ ਸਿੰਘ ਅਤਲਾ ਨੇ ਦੱਸਿਆ ਕਿ ਸ਼ਹਿਰ ਜੋਗਾ ਅਤੇ ਵੱਖ-ਵੱਖ ਪਿੰਡਾਂ ਵਿਚਲੇ ਖਾਲੀ ਪਏ ਪਲਾਟਾਂ ਵਿੱਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ। ਰਾਤ ਦੇ ਵੇਲੇ ਇਹ ਪਸ਼ੂ ਆਪਣੇ ਪੇਟ ਦੀ ਭੁੱਖ ਮਿਟਾਉਣ ਲਈ ਦੂਰ-ਦਰਾਡੇ ਖੇਤਾਂ ਵਿੱਚ ਚਲੇ ਜਾਂਦੇ ਹਨ ਪਰ ਦਿਨ ਚੜ੍ਹਦਿਆਂ ਹੀ ਵਾਪਸ ਪਰਤ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਗਲੀਆਂ ਵਿੱਚ ਖੜ੍ਹਨ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਪ੍ਰੇਸ਼ਾਨੀ ਆਉਂਦੀ ਹੈ। ਇਨ੍ਹਾਂ ਪਸ਼ੂਆਂ ਕਾਰਨ ਗਲੀਆਂ ’ਚ ਗੰਦਗੀ ਫੈਲ ਰਹੀ ਹੈ। ਵੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਸ਼ੂ ਕਈ ਵਾਰ ਆਪਸ ਵਿੱਚ ਭਿੜਨ ਲੱਗ ਜਾਂਦੇ ਹਨ, ਜਿਸ ਕਰਕੇ ਗਲੀ ਵਿੱਚੋਂ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਕਈ ਵਾਰ ਗਲੀਆਂ ਵਿੱਚ ਖੜ੍ਹੇ ਵਾਹਨਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲਗਾਤਾਰ ਵਧ ਰਹੀ ਆਵਾਰਾ ਪਸ਼ੂਆਂ ਦੀ ਗਿਣਤੀ ਨੂੰ ਠੱਲ੍ਹ ਪਾਈ ਜਾਵੇ ਤੇ ਇਨ੍ਹਾਂ ਅਵਾਰਾ ਪਸ਼ੂਆਂ ਗਾਊਸ਼ਾਲਾ ਵਿੱਚ ਭੇਜਣ ਦਾ ਪ੍ਰਬੰਧ ਕੀਤਾ ਜਾਵੇ।