ਪੱਤਰ ਪ੍ਰੇਰਕ
ਜ਼ੀਰਾ, 9 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਿਲਾਇੰਸ ਪੰਪ ਵਲੂਰ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ ਦਿਨ ਰਾਤ ਦਾ ਪੱਕਾ ਧਰਨਾ ਅੱਜ 375ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਇਸ ਸਮੇਂ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਗਿੱਲ, ਬਲਾਕ ਪ੍ਰਧਾਨ ਮਹਿੰਦਰ ਸਿੰਘ ਗਿੱਲ ਫ਼ਿਰੋਜ਼ਸ਼ਾਹ, ਹਰਜਿੰਦਰ ਸਿੰਘ ਵਲੂਰ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਕ ਬਿਆਨ ਦੇ ਕੇ ਉਸੇ ’ਤੇ ਹੀ ਅਮਲ ਕਰਦੀਆਂ ਹਨ ਤਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਆਪੋ ਆਪਣੀਆਂ ਵੱਖਰੀਆਂ- ਵੱਖਰੀਆਂ ਡਫਲੀਆਂ ਕਿਉਂ ਵਜਾ ਰਹੀਆਂ ਹਨ, ਜਦਕਿ ਮੁੱਦਾ ਤਾਂ ਇੱਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਐੱਮਪੀ ਤੇ ਐੱਮਐੱਲਏ ਸੜਕਾਂ ’ਤੇ ਭੁੱਖ ਹੜਤਾਲਾਂ ਕਰਕੇ ਡਰਾਮੇਬਾਜ਼ੀ ਕਰ ਰਹੇ ਹਨ। ਸਿਆਸੀ ਪਾਰਟੀਆਂ ਦੇ ਐੱਮਪੀ ਐੱਮਐੱਲਏ ਆਪਣੇ ਅਹੁਦਿਆਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਲੋਕ ਸਭਾ ਅਤੇ ਰਾਜ ਸਭਾ ਵਿੱਚ ਖੜ੍ਹੇ ਹੋ ਕੇ ਲਖੀਮਪੁਰ ਹੱਤਿਆ ਕਾਂਡ ਵਿੱਚ ਦੋਸ਼ੀਆਂ ਦੇ ਹੱਥ ਦੀ ਕਠਪੁਤਲੀ ਬਣੇ ਸਰਕਾਰੀ ਤੰਤਰ ਵਿਰੁੱਧ ਆਵਾਜ਼ ਚੁੱਕਣ।
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਧਰਨੇ ਜਾਰੀ
ਬਰੇਟਾ (ਪੱਤਰ ਪ੍ਰੇਰਕ): ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਇੱਥੇ ਪੈਟਰੋਲ ਪੰਪ ਤੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅਤੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਸਾਂਝਾ ਕਿਸਾਨ ਮੋਰਚਾ ਦੇ ਧਰਨਿਆਂ ਵਿੱਚ ਵੱਡੀ ਗਿਣਤੀ ਮਹਿਲਾ ਤੇ ਕਿਸਾਨ ਆਗੂ ਸ਼ਾਮਲ ਹੋਏ। ਇਨ੍ਹਾਂ ਧਰਨਿਆਂ ਵਿੱਚ ਲ਼ਖੀਮਪੁਰ ਦੀ ਘਟਨਾ ਨਿੰਦਾ ਹੋਈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰਾਂ ਜਿੰਨੇ ਮਰਜ਼ੀ ਜ਼ੁਲਮ ਕਰਨ ਕਿਸਾਨ ਕਦੇ ਨਹੀਂ ਡੋਲਣਗੇ ਅਤੇ ਆਪਣੀ ਹੱਕੀ ਮੰਗਾਂ ਨੂੰ ਮਨਾ ਕੇ ਹੀ ਰਹਿਣਗੇ।
ਲਖੀਮਪੁਰ ਕਾਂਡ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਬਾਬਾ ਭੂਮਣ ਸ਼ਾਹ ਚੌਕ ’ਚ ਕਿਸਾਨਾਂ ਨਾਲ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਲਖੀਮਪੁਰੀ ਖੀਰੀ ਹਿੰਸਾ ਦੇ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਸਬੰਧੀ ਕੇਂਦਰ, ਯੂਪੀ ਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਰਾਜ ਕੌਰ ਗਿੱਲ ਨੇ ਕਿਹਾ ਕਿ ਲਖੀਮਪੁਰ ਖੀਰੀ ’ਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੇ ਉਸ ਦੇ ਸਾਥੀਆਂ ਨੇ ਚਾਰ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਤਹਿਤ ਕੇਸ ਦਰਜ ਕੀਤਾ ਹੈ ਤਾਂ ਫਿਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਜਾ ਰਿਹਾ।