ਪ੍ਰਭੂ ਦਿਆਲ
ਸਿਰਸਾ, 7 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਥਿਤ ਵਿਵਾਦਿਤ ਬਿਆਨ ਵਾਲੀ ਵਾਇਰਲ ਹੋਈ ਨੂੰ ਲੈ ਕੇ ਖ਼ਬੇ ਪੱਖੀਆਂ ਨੇ ਬੱਸ ਅੱਡੇ ਦੇ ਬਾਹਰ ਸੀਐਮ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਸੀਐਮ ਖੱਟਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਖ਼ਿਲਾਫ਼ ਤੁਰੰਤ ਪਾਰਚਾ ਦਰਜ ਕੀਤੇ ਜਾਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਜਗਰੂਪ ਸਿੰਘ ਚੌਬੁਰਜਾ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਸਕੱਤਰ ਵਿਜੈ ਢੁਕੜਾ ਨੇ ਸਾਂਝੇ ਤੌਰ ’ਤੇ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਪੀਆਈ ਜ਼ਿਲ੍ਹਾ ਸਕੱਤਰ ਜਗਰੂਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕਿਸਾਨਾਂ ਦੇ ਵਿਰੁੱਧ 500-700 ਵਿਅਕਤੀਆਂ ਦੀ ਗਰੁੱਪ ਬਣਾ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਡਾਂਗਾਂ ਦਾ ਡਾਂਗਾਂ ਨਾਲ ਮੁਕਾਬਲਾ ਕੀਤਾ ਜਾਏ ਤੇ ਇਸ ਦੌਰਾਨ ਜੇਲ੍ਹ ਵੀ ਜਾਣਾ ਪਵੇ ਤਾਂ ਜੇਲ੍ਹੋਂ ਵੱਡੇ ਨੇਤਾ ਬਣ ਕੇ ਨਿਕਲਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਦਾ ਇਹ ਬਿਆਨ ਸੂਬੇ ਵਿੱਚ ਫਿਰਕਾਪ੍ਰਸਤੀ ਤੇ ਅਰਾਜਕਤਾ ਫੈਲਾਉਣ ਵਾਲਾ ਹੈ। ਮੁੱਖ ਮੰਤਰੀ ਦੇ ਇਸ ਬਿਆਨ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਤੁਰੰਤ ਆਪਣੇ ਆਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਤੇ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਖੱਬੇਪੱਖੀ ਕਾਰਕੁਨ ਵੱਡੀ ਗਿਣਤੀ ਵਿੱਚ ਮੌਜੂਦ ਸਨ।