ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਅਕਤੂਬਰ
ਭਾਕਿਯੂ ਏਕਤਾ ਸਿੱਧੂਪੁਰ ਵੱਲੋਂ 10 ਅਕਤੂਬਰ ਨੂੰ ਬਰਨਾਲਾ ਵਿਚ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੋਧ ’ਚ ‘ਚਿਤਾਵਨੀ ਰੈਲੀ’ ਕਰਨ ਦਾ ਐਲਾਨ ਕੀਤਾ ਗਿਆ ਹੈ। ਇੱਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ ਅਤੇ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਵੱਲੋਂ ਦਿੱਤੀ ਗਈ। ਮੀਟਿੰਗ ਤੋਂ ਪਹਿਲਾਂ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਾਰੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਕਰਜ਼ੇ ਦੇ ਬੋਝ ਹੇਠ ਦਬੇ ਕਿਸਾਨ ਖ਼ੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿਚ ਜਥੇਬੰਦੀ ਵਲੋਂ 10 ਅਕਤੂਬਰ ਨੂੰ ਬਰਨਾਲਾ ਦੀ ਅਨਾਜ਼ ਮੰਡੀ ਵਿਚ ਪੰਜਾਬ ਸਰਕਾਰ ਖ਼ਿਲਾਫ਼ ਚਿਤਾਵਨੀ ਰੈਲੀ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ ਅਤੇ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਵੀ ਸੰਬੋਧਨ ਕੀਤਾ। ਮੀਟਿੰਗ ’ਚ ਜਥੇਬੰਦੀ ਦੇ ਆਗੂ ਬਲਜੀਤ ਸਿੰਘ ਜੌਲੀਆਂ, ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਕਸ਼ਮੀਰ ਸਿੰਘ ਕਾਕੜਾ, ਪਿਆਰਾ ਸਿੰਘ ਭੰਗੂ, ਸੁਖਚੈਨ ਸਿੰਘ ਸ਼ਾਦੀਹਰੀ, ਕਰਨੈਲ ਸਿੰਘ ਕਾਕੜਾ, ਦਲੇਲ ਸਿੰਘ ਚੱਠਾ, ਦਲਜੀਤ ਸਿੰਘ ਕਮਾਲਪੁਰ, ਸੁਖਵਿੰਦਰ ਸਿੰਘ ਨਮੋਲ ਆਦਿ ਵੀ ਸ਼ਾਮਲ ਸਨ।