ਰਾਜਿੰਦਰ ਕੁਮਾਰ
ਬੱਲੂਆਣਾ, 1 ਅਕਤੂਬਰ
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਫਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਸੁਖਚੈਨ ਵਿੱਚ ਸਰਕਾਰੀ ਕਾਲਜ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਲਈ ਮਿਆਰੀ ਉਚੇਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਹੁਣ ਇਸ ਲਈ ਵਿਦਿਆ ਤੋਂ ਵਾਂਝਾ ਨਹੀਂ ਰਹੇਗਾ ਕਿ ਉਸ ਦੇ ਨੇੜੇ ਸਕੂਲ ਜਾਂ ਕਾਲਜ ਨਹੀਂ ਸੀ ਜਾਂ ਉਸ ਕੋਲ ਪੈਸਾ ਨਹੀਂ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ 550 ਕਾਲਜ ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ।
ਕਾਲਜ ਦਾ ਨੀਂਹ ਪੱਥਰ ਰੱਖਣ ਅਤੇ ਭੂਮੀ ਪੂਜਣ ਤੋਂ ਬਾਅਦ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ ਪ੍ਰਾਜੈਕਟਾਂ ਦੇ ਰੂਪ ਵਿਚ ਵਾਪਸ ਲੋਕਾਂ ਕੋਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਨਵੇਂ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ ਵਜ਼ੀਫਾ ਵੀ ਦੇ ਰਹੀ ਹੈ।
ਇਸ ਤੋਂ ਪਹਿਲਾਂ ਬੋਲਦਿਆਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ’ਤੇ 15.38 ਕਰੋੜ ਰੁਪਏ ਦਾ ਖਰਚ ਆਵੇਗਾ ਅਤੇ ਇਹ 10 ਏਕੜ ਵਿਚ ਬਣੇਗਾ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੈ ਕਿ ਹਲਕਾ ਬੱਲੂਆਣਾ ਵਿਚ 600 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸਐੱਸਪੀ ਭੁਪਿੰਦਰ ਸਿੰਘ, ਕਾਰਜਕਾਰੀ ਇੰਜਨੀਅਰ ਰਾਜੇਸ਼ ਗਰੋਵਰ, ‘ਆਪ’ ਦੇ ਜ਼ਿਲ੍ਹਾ ਆਗੂ ਉਪਕਾਰ ਸਿੰਘ, ਧਰਮਵੀਰ ਗੋਦਾਰਾ, ਮਨੋਜ ਗੋਦਾਰਾ ਹਾਜ਼ਰ ਸਨ।