ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 4 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੁਰਾਣਾ ਬੱਸ ਅੱਡਾ ਫਤਿਹਗੜ੍ਹ ਚੂੜੀਆਂ ’ਚ ਜਮਹੂਰੀ ਕਿਸਾਨ ਸਭਾ ਵੱਲੋਂ ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਰਵਾਲ ਦੀ ਅਗਵਾਈ ਹੇਠ ਯੋਗੀ ਤੇ ਮੋਦੀ ਸਰਕਾਰ ਵਿਰੁੱਧ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਲਗਾਤਾਰ ਜਿੱਤ ਵੱਲ ਵਧਦੇ ਕਦਮਾਂ ਤੋਂ ਬੁਖਲਾਹਟ ਵਿੱਚ ਆਈ ਯੂਪੀ ਦੀ ਭਾਜਪਾ ਸਰਕਾਰ ਦੇ ਮੰਤਰੀ ਦੇ ਪੁੱਤਰ ਵੱਲੋਂ ਸ਼ਾਂਤਮਈ ਜਾ ਰਹੇ ਕਿਸਾਨਾਂ ਨੂੰ ਗੱਡੀ ਹੇਠ ਦਰੜ ਦੇਣ ਦਾ ਕੰਮ ਕੀਤਾ ਹੈ। ਕਿਸਾਨ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂ ਲਖਵਿੰਦਰ ਸਿੰਘ, ਦਲਬੀਰ ਸਿੰਘ, ਸਰਬਜੀਤ ਸਿੰਘ ਅਤੇ ਬਾਬਾ ਸੁੱਚਾ ਸਿੰਘ ਨੇ ਦੋਸ਼ ਲਾਇਆ ਕਿ ਕਿਸਾਨ ਸੰਘਰਸ਼ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਸਰਕਾਰਾਂ ਬੁਖਲਾਹਟ ’ਚ ਆ ਗਈਆਂ ਹਨ। ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ, ਹਰਪਾਲ ਸਿੰਘ, ਗੁਰਮੇਜ ਸਿੰਘ, ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਮੰਗ ਕੀਤੀ ਕਿ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।