ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਅਕਤੂਬਰ
ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ ਅੱਗੇ ਪਾਉਣ ਤੋਂ ਰੋਹ ਵਿਚ ਆਏ ਸੈਂਕੜੇ ਕਿਸਾਨਾਂ ਵਲੋਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ’ਚ ਜਿਥੇ ਵੱਡੀ ਤਾਦਾਦ ’ਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ ਉਥੇ ਪੰਜ ਸਾਲ ਦੇ ਬੱਚੇ ਕਰਨਵੀਰ ਸਿੰਘ ਤੁੰਗਾਂ ਨੇ ਸਟੇਜ ਤੋਂ ਮੋਦੀ ਸਰਕਾਰ ਖ਼ਿਲਾਫ਼ ਗਰਜਦਿਆਂ ਸਭ ਨੂੰ ਹੈਰਾਨ ਕਰ ਦਿੱਤਾ। ਝੋਨੇ ਦੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਦੇ ਅਚਾਨਕ ਆਏ ਕੇਂਦਰ ਸਰਕਾਰ ਦੇ ਫੈਸਲੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਸੈਂਕੜੇ ਕਿਸਾਨ ਬੀਬੀਆਂ ਤੇ ਕਿਸਾਨ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਆਵਾਜਾਈ ਠੱਪ ਕਰਦਿਆਂ ਵਿਸ਼ਾਲ ਧਰਨਾ ਲਗਾ ਦਿੱਤਾ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਅਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਹਰ ਵਰ੍ਹੇ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ ਇਸ ਵਾਰ ਮੋਦੀ ਸਰਕਾਰ ਨੇ ਰੰਜਿਸ਼ ਤਹਿਤ ਕਿਸਾਨਾਂ ਨੂੰ ਖੱਜਲ ਖੁਆਰ ਕਰਨ ਵਾਸਤੇ ਖਰੀਦ 11 ਅਕਤੂਬਰ ਤੱਕ ਅੱਗੇ ਪਾ ਦਿੱਤੀ ਹੈ। ਧਰਨੇ ਨੂੰ ਰਾਮਸ਼ਰਨ ਸਿੰਘ ਉਗਰਾਹਾਂ, ਗੋਬਿੰਦਰ ਸਿੰਘ ਮੰਗਵਾਲ, ਕਰਨੈਲ ਸਿੰਘ ਗਨੋਟਾ, ਹਰਪਾਲ ਸਿੰਘ ਖੇਧਨੀ, ਗੋਬਿੰਦਰ ਬਡਰੁੱਖਾਂ, ਦਰਸ਼ਨ ਸਿੰਘ ਸ਼ਾਦੀਹਰੀ, ਅਜੈਬ ਸਿੰਘ ਲੱਖੇਵਾਲ, ਕੁਲਵਿੰਦਰ ਸਿੰਘ ਭੂਦਨ, ਸ਼ੇਰ ਸਿੰਘ, ਮਾਣਕ ਸਿੰਘ ਕਣਕਵਾਲ, ਬਲਜੀਤ ਕੌਰ ਖਡਿਆਲ, ਅਜੈਬ ਸਿੰਘ ਜਖੇਪਲ ਨੇ ਸੰਬੋਧਨ ਕੀਤਾ।