ਗਗਨਦੀਪ ਅਰੋੜਾ
ਲੁਧਿਆਣਾ, 1 ਅਕਤੂਬਰ
ਪਰਾਲੀ ਸਾੜਨ ਖ਼ਿਲਾਫ਼ ਵਿੱਢੀ ਜੰਗ ਨੂੰ ਅੱਗੇ ਵਧਾਉਂਦਿਆਂ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਜਿਨ੍ਹਾਂ ਕਰਕੇ ਕੋਵਿਡ ਕਾਰਨ ਪੈਦਾ ਹੋਈ ਸਥਿਤੀ ਹੋਰ ਵਿਗੜ ਸਕਦੀ ਹੈ, ਬਾਰੇ ਤਿੰਨ ਜਾਗਰੂਕਤਾ ਵੈਨਾਂ ਨੂੰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨਾਂ ਇਸ ਮਹੀਨੇ ਵੱਧ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕਿਹਾ ਕਿ ਵੈਨਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਲੋਕਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਬੇਹੱਦ ਫਾਇਦੇਮੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਸਾੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਇਸ ਰੁਝਾਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਵੈਨਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀ ਜ਼ਰੂਰਤ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਡੀਓ ਸੰਦੇਸ਼ਾਂ ਤੋਂ ਇਲਾਵਾ ਇਹ ਵੈਨਾਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਤੱਕ ਪਰਚਿਆਂ ਅਤੇ ਪੋਸਟਰਾਂ ਰਾਹੀਂ ਵੀ ਜਾਣਕਾਰੀ ਪਹੁੰਚਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦਾ ਗੈਰ-ਸਿਹਤਮੰਦ ਰੁਝਾਨ, ਜੋ ਜ਼ਹਿਰੀਲੀਆਂ ਗੈਸਾਂ ਪੈਦਾ ਕਰਦਾ ਹੈ, ਸੂਬੇ ਵਿਚ ਕਰੋਨਾਵਾਇਰਸ ਦੇ ਕੇਸਾਂ ਨੂੰ ਹੋਰ ਵਧਾ ਸਕਦਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਡੀਬੀਪੀਓ ਸੰਜੀਵ ਕੁਮਾਰ ਆਦਿ ਵੀ ਮੌਜੂਦ ਸਨ।