ਮਨੋਜ ਸ਼ਰਮਾ
ਬਠਿੰਡਾ, 1 ਅਕਤੂਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ’ਚ ਮੁੜ ਵਿੱਤ ਮੰਤਰੀ ਬਣੇ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਦਸਹਿਰਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਬਠਿੰਡਾ ਵਾਸੀਆਂ ਨਾਲ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਵਿੱਤ ਮੰਤਰੀ ਦਾ ਨਗਰ ਨਿਗਮ ਦਫ਼ਤਰ ਵਿਖੇ ਪਹੁੰਚਣ ’ਤੇ ਕਾਂਗਰਸ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਕਾਂਗਰਸ ਆਗੂ ਜੈਜੀਤ ਸਿੰਘ ਜੌਹਲ, ਮੇਅਰ ਰਮਨ ਗੋਇਲ, ਰਾਜਨ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਤੇ ਹੋਰਨਾਂ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਬਾਦਲ ਵੱਲੋਂ ਹਰ ਕੌਂਸਲਰ ਕੋਲ ਪਹੁੰਚ ਕੇ ਉਸ ਨੂੰ ਕਲਾਵੇ ’ਚ ਲੈ ਕੇ ਉਸ ਦਾ ਧੰਨਵਾਦ ਕੀਤਾ। ਉਨ੍ਹਾਂ ਸਮੂਹ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਕਿਸੇ ਵੀ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 2 ਕਿਲੋਵਾਟ ਤੱਕ ਮੀਟਰ ਖਪਤਕਾਰਾਂ ਦੇ ਬਕਾਇਆ ਬਿਜਲੀ ਮੁਆਫ਼ ਕਰਨ ਨਾਲ ਸੂਬੇ ਦੇ ਲਗਪਗ 55 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।