ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਸਤੰਬਰ
ਸਨਅਤੀ ਸ਼ਹਿਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਸੰਜੈ ਤਲਵਾੜ ਵੱਲੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਲੁਧਿਆਣਾ ਸ਼ਹਿਰ ਅਤੇ ਹਲਕਾ ਪੂਰਬੀ ਨਾਲ ਸਬੰਧਤ ਜਨਤਾ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਹਲਕਾ ਪੂਰਬੀ ਵਿੱਚ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਸੰਜੈ ਤਲਵਾੜ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੀ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਹੈ। ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕਈ ਮਸਲਿਆ ’ਤੇ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਨਾਲ ਲੁਧਿਆਣਾ ਸ਼ਹਿਰ ਨਾਲ ਸਬੰਧਤ ਕਈ ਸਮੱਸਿਆਵਾਂ ਅਤੇ ਹਲਕਾ ਪੂਰਬੀ ਵਿੱਚ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਦੀ ਸਾਰੀ ਜਨਤਾ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦੀ ਸਪਲਾਈ ਦਿੱਤੀ ਜਾਵੇ, ਮਕਾਨਾਂ ਅਤੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਰੱਖੀ ਗਈ ਐੱਨ.ਓ.ਸੀ. ਦੀ ਸ਼ਰਤ ਖਤਮ ਕੀਤੀ ਜਾਵੇ, ਨਾਜਾਇਜ਼ ਢੰਗ ਨਾਲ ਕੱਟੀਆਂ ਗਈਆਂ ਕਲੋਨੀਆ ਨੂੰ ਸਰਲ ਪਾਲਿਸੀ ਬਣਾਕੇ ਵਨ ਟਾਈਮ ਸੈਟਲਮੈਂਟ ਰਾਹੀਂ ਰੈਗੂਲਰ ਕੀਤਾ ਜਾਵੇ, ਪੰਜਾਬ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਬਣਨ ਵਾਲੀਆਂ ਕਮੇਟੀਆਂ ਤੁਰੰਤ ਬਣਾਈਆਂ ਜਾਣ ਅਤੇ ਕੱਚੇ ਮੁਲਾਜ਼ਮਾ ਨੂੰ ਪੱਕਾ ਕਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਹਲਕਾ ਪੂਰਬੀ ਵਿੱਚ ਸ਼ੁਰੂ ਹੋਣ ਵਾਲੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਆਪਣੇ ਕਰ ਕਮਲਾਂ ਨਾਲ ਕਰਨ ਦੀ ਵੀ ਅਪੀਲ ਕੀਤੀ।