ਰਮੇਸ਼ ਭਾਰਦਵਾਜ
ਲਹਿਰਾਗਾਗਾ, 12 ਨਵੰਬਰ
ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ’ਚ ਐੱਸਡੀਐਮ ਦਫ਼ਤਰ ਵਿਚ ਸੰਕੇਤਕ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਭਾਰੀ ਮੀਂਹ ਪੈਣ ਕਾਰਨ ਡੁੱਬ ਕੇ ਮਰੀ ਝੋਨੇ ਦੀ ਫ਼ਸਲ ਨੂੰ ਕਈ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਹੁਣ ਤੱਕ ਕਿਸਾਨਾਂ ਕਾਸ਼ਤਕਾਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਉਸ ਦਾ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ। ਕਿਸਾਨਾਂ ਨੇ ਕਰਜ਼ੇ ਦੀ ਦੋਹਰੀ ਮਾਰ ਝੱਲ ਕੇ ਝੋਨਾ ਲਗਾਇਆ ਸੀ। ਇਸ ਮੌਕੇ ਬਹਾਦਰ ਸਿੰਘ ਭੁਟਾਲ ਖੁਰਦ,ਰਾਮ ਸਿੰਘ ਨੰਗਲਾ, ਸੂਬਾ ਸਿੰਘ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ ਖੋਖਰ ਕਲਾਂ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ,ਪ੍ਰੀਤਮ ਸਿੰਘ ਲਹਿਲ ਕਲਾਂ , ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ, ਜਸਵੀਰ ਕੌਰ ਲਹਿਲ ਕਲਾਂ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦੀ ਫ਼ਸਲ ਦਾ ਮੁਆਵਜ਼ਾ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਪ੍ਰਤੀ ਪਰਿਵਾਰ 30 ਹਜ਼ਾਰ ਰੁਪਏ ਚੁਗਾਈ ਦਾ ਸਰਕਾਰ ਦੇਵੇ। ਉਨ੍ਹਾਂ ਅਨਾਜ ਮੰਡੀਆਂ ਵਿੱਚ ਬੰਦ ਕੀਤੀ ਝੋਨੇ ਦੀ ਖ਼ਰੀਦ ਨੂੰ ਬਹਾਲ ਕੀਤਾ ਕਰਨ ਅਤੇ ਡੀਏਪੀ ਖਾਦ ਦੀ ਆ ਰਹੀ ਕਮੀ ਨੂੰ ਤੁਰੰਤ ਦੂਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਧਰਨਾ ਸੰਕੇਤਕ ਧਰਨਾ ਸੀ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਜਥੇਬੰਦੀ ਵੱਡਾ ਐਕਸ਼ਨ ਲਵੇਗੀ।