ਆਤਿਸ਼ ਗੁਪਤਾ
ਚੰਡੀਗੜ੍ਹ, 23 ਸਤੰਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਲੋਕ ਹਿਤੈਸ਼ੀ ਮੁਦਿਆਂ ਬਾਰੇ ਵਿਧਾਨ ਸਭਾ ਦਾ ਰਹਿੰਦਾ ਮੌਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਲਈ ਪੰਜਾਬ ਵਿਧਾਨ ਸਭਾ ਦਾ 15 ਦਿਨਾਂ ਦਾ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ, ਜਿਸ ਵਿੱਚ ਕਿਸਾਨਾਂ ਦੇ ਮੁੱਦਿਆਂ ਲਈ ਦੋ ਦਿਨ ਵਿਸ਼ੇਸ਼ ਰੱਖ ਤੌਰ ’ਤੇ ਰੱਖੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰੈੱਸ ਨੂੰ ਵਿਧਾਨ ਸਭਾ ਦੇ ਅਹਾਤੇ ’ਚ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ। ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਲਾਨ ਦੀ ਥਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਬਿਲ ਕਲਾਂ ਗੋਲੀਕਾਂਡ ਦੇ ਹੱਲ ਲਈ ਸਮਾਂ ਸੀਮਾ ਤੈਅ ਕਰਨ।
ਚੰਨੀ ਮਾਲਵੇ ਦੇ ਖੇਤਾਂ ਦਾ ਗੇੜਾ ਮਾਰਨ: ਵਿਧਾਇਕ ਬੁੱਧਰਾਮ
ਮਾਨਸਾ (ਜੋਗਿੰਦਰ ਸਿੰਘ ਮਾਨ): ਇੱਥੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੀ ਕੋਰ ਕਮੇਟੀ ਦੇ ਆਗੂ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਹਲਕਾ ਮਾਨਸਾ ਦੇ ਇੰਚਾਰਜ ਡਾ. ਵਿਜੈ ਸਿੰਗਲਾ, ਹਲਕਾ ਸਰਦੂਲੜ੍ਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਨਰਮੇ ਦੀ ਫ਼ਸਲ ਦੇ ਟੀਂਡੇ ਦਿਖਾਉਂਦਿਆਂ ਕਿਹਾ ਕਿ ਇਸ ਫਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ ਪਹਿਲਾਂ ਹੀ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਹੋਰ ਫਿਕਰਾਂ ਵਿੱਚ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੀ ਇਸ ਮੁਸੀਬਤ ਬਾਰੇ ਕੋਈ ਵੀ ਫ਼ੈਸਲਾ ਅਤੇ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਫ਼ਤਰਾਂ ਤੋਂ ਬਾਹਰ ਆ ਕੇ ਮਾਲਵੇ ਦੇ ਖੇਤਾਂ ਵਿੱਚ ਗੇੜਾ ਮਾਰਨਾ ਚਾਹੀਦਾ ਹੈ।