ਜਸਵੰਤ ਜੱਸ
ਫ਼ਰੀਦਕੋਟ, 28 ਜੂਨ
ਜ਼ਿਲ੍ਹਾ ਪ੍ਰਸ਼ਾਸਨ ਨੇ ਬਰਸਾਤਾਂ ਸ਼ੁਰੂ ਹੋਣ ਦੇ ਮੌਸਮ ਵਿੱਚ ਫ਼ਰੀਦਕੋਟ ਵਿੱਚੋਂ ਨਿਕਲਦੇ ਕੱਚੇ ਗੰਦੇ ਨਾਲੇ ਨੂੰ ਪੱਕਾ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਮੌਸਮ ਦਾ ਹਾਲ ਜਾਣੇ ਬਿਨਾਂ ਖਾਲ ਪੱਕਾ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੇ ਲੋਕਾਂ ਲਈ ਵੱਡੀਆਂ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨਗਰ ਕੌਂਸਲ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਦੇ ਨਾਲੇ ਵਿੱਚ ਪਾਣੀ ਦੀ ਸਪਲਾਈ ਰੋਕ ਦਿੱਤੀ ਹੈ ਅਤੇ ਨਿਕਾਸੀ ਰੁਕਣ ਤੋਂ ਬਾਅਦ ਅਚਾਨਕ ਬਾਰਿਸ਼ ਸ਼ੁਰੂ ਹੋ ਗਈ ਜਿਸ ਕਾਰਨ ਇਸ ਨਾਲੇ ਦਾ ਗੰਦਾ ਪਾਣੀ ਸ਼ਹਿਰ ਦੀਆਂ ਗਲੀਆਂ ਅਤੇ ਘਰਾਂ ਵਿੱਚ ਵੜ ਗਿਆ ਹੈ ਅਤੇ ਅਜਿਹੇ ਵਿੱਚ ਸ਼ਹਿਰ ਦੀ ਆਵਾਜਾਈ, ਜਨਜੀਵਨ ਅਤੇ ਦੁਕਾਨਦਾਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਗੰਦੇ ਨਾਲੇ ਨੂੰ ਪੱਕਾ ਕਰਨਾ ਜ਼ਰੂਰੀ ਸੀ ਕਿਉਂਕਿ ਇਹ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦੀ ਲੰਘਦਾ ਸੀ ਅਤੇ ਲੋਕਾਂ ਨੂੰ ਸਮੱਸਿਆਵਾਂ ਆ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਕ ਹਫ਼ਤੇ ਅੰਦਰ ਇਸ ਨਾਲੇ ਦੇ ਨਵੀਨੀਕਰਨ ਦਾ ਕੰਮ ਪੂਰਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲੇ ਵਿੱਚ ਹੁਣ ਵੱਡੀਆਂ ਪਾਈਪਾਂ ਫਿੱਟ ਕੀਤੀਆਂ ਜਾਣਗੀਆਂ।
ਦੂਜੇ ਪਾਸੇ ਸ਼ਹਿਰ ਦੇ ਵਸਨੀਕ ਰਵਿੰਦਰ ਸਿੰਘ ਬੁਗਰਾ, ਗੁਰਦਿੱਤ ਸਿੰਘ ਸੇਖੋਂ, ਹੈਪੀ ਬਰਾੜ ਅਤੇ ਬੇਅੰਤ ਕੌਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਨਾਲੇ ਵਿੱਚੋਂ ਪਾਣੀ ਦੀ ਨਿਕਾਸੀ ਬੰਦ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਨਾਲੇ ਨੂੰ ਪੱਕਾ ਕਰਨ ਦੀ ਮੁਹਿੰਮ ਵਿੱਢਦਾ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਪਹਿਲਾਂ ਹੀ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ, ਉੱਤੋਂ ਨਾਲੇ ਦਾ ਗੰਦਾ ਪਾਣੀ ਸ਼ਹਿਰਾਂ ਦੇ ਘਰਾਂ, ਗਲੀਆਂ ਅਤੇ ਦੁਕਾਨਾਂ ਵਿੱਚ ਵੜ ਗਿਆ ਹੈ ਅਤੇ ਇਸ ਦੇ ਨਾਲ ਹੀ ਨਗਰ ਕੌਂਸਲ ਦੇ ਹਜ਼ਾਰਾਂ ਸਫ਼ਾਈ ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ ਤੇ ਚੱਲ ਰਹੇ ਹਨ ਜਿਸ ਕਰਕੇ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਦੇ ਨਾਲ-ਨਾਲ ਗੰਦੇ ਪਾਣੀ ਦੇ ਛੱਪੜ ਵੀ ਲੱਗ ਗਏ ਹਨ। ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਨਗਰ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੇ ਪੰਜ ਕਰੋੜ ਦੇ ਇਸ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਠੀ ਮੀਟਿੰਗ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਇਸ ਪ੍ਰਾਜੈਕਟ ਨੂੰ ਬਿਨਾਂ ਦੇਰੀ ਮੁਕੰਮਲ ਕੀਤਾ ਜਾਵੇ।