ਸ੍ਰੀਨਗਰ, 13 ਜਨਵਰੀ
ਨੈਸ਼ਨਲ ਕਾਨਫਰੰਸ ਮੁਖੀ ਫਾਰੂਕ ਅਬਦੁੱਲਾ ਨੇ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਖ਼ਿਲਾਫ਼ ਜ਼ਹਿਰ ਉਗਲਣ ਵਾਲੇ ਦਿੱਤੇ ਜਾ ਰਹੇ ਭਾਸ਼ਣਾਂ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਨਫ਼ਰਤੀ ਤਕਰੀਰਾਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਹਰਿਦੁਆਰ ’ਚ ਹੋਈ ਧਰਮ ਸੰਸਦ ਦੌਰਾਨ ਮੁਸਲਮਾਨਾਂ ਖ਼ਿਲਾਫ਼ ਭੜਕਾਊ ਅਤੇ ਇਤਰਾਜ਼ਯੋਗ ਭਾਸ਼ਣ ਦੇਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਕਤਲੇਆਮ ਦੇ ਦਿੱਤੇ ਜਾ ਰਹੇ ਸੱਦੇ ਪ੍ਰੇਸ਼ਾਨ ਕਰਨ ਵਾਲੇ ਹਨ। ਨਫ਼ਰਤੀ ਭਾਸ਼ਣਾਂ ਬਾਰੇ ਅੱਖਾਂ ਬੰਦ ਕਰਨ ਲਈ ਸਰਕਾਰ ’ਤੇ ਵਰ੍ਹਦਿਆਂ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਮੁਸਲਮਾਨਾਂ ਦੇ ਕਤਲੇਆਮ ਦਾ ਸੱਦਾ ਦੇਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਫ਼ਰਤ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ ਅਤੇ ਮਾਹੌਲ ਵਿਗੜੇਗਾ। -ਪੀਟੀਆਈ