ਜਸਬੀਰ ਸ਼ੇਤਰਾ
ਜਗਰਾਉਂ, 24 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅਗਨੀਪਥ ਯੋਜਨਾ ਰੱਦ ਕਰਵਾਉਣ ਲਈ ਅੱਜ ਜਗਰਾਉਂ ਅਤੇ ਚੌਕੀਮਾਨ ਟੌਲ ਪਲਾਜ਼ਾ ’ਤੇ ਰੋਹ ਭਰਪੂਰ ਮੁਜ਼ਾਹਰੇ ਹੋਏ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਸ ਯੋਜਨਾ ਨੂੰ ਦੇਸ਼ ਦੀ ਨੌਜਵਾਨੀ ਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਨਾਕ ਕਰਾਰ ਦਿੰਦਿਆਂ ਵਾਪਸ ਲੈਣ ਦੀ ਮੰਗ ਕੀਤੀ। ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ਸਥਿਤ ਚੌਕੀਮਾਨ ਟੌਲ ’ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨਾਲ ਮਿਲ ਕੇ ਰੋਹ ਭਰਪੂਰ ਧਰਨਾ ਦਿੱਤਾ। ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ ਆਦਿ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਤਿੰਨ ਖੇਤੀ ਕਾਨੂੰਨ ਵਾਪਸ ਲੈਣੇ ਪਏ, ਉਸੇ ਤਰ੍ਹਾਂ ਮੋਦੀ ਹਕੂਮਤ ਨੂੰ ਇਹ ਯੋਜਨਾ ਵੀ ਵਾਪਸ ਲੈਣੀ ਪਵੇਗੀ। ਜਗਰਾਉਂ ਬੱਸ ਅੱਡੇ ਵਿੱਚ ਬੀਕੇਯੂ ਏਕਤਾ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਦੇ ਵਰਕਰਾਂ ਨੇ ਇਸ ਯੋਜਨਾ ਦੇ ਵਿਰੋਧ ’ਚ ਰੋਹ ਭਰਪੂਰ ਰੋਸ ਰੈਲੀ ਕੀਤੀ। ਰੈਲੀ ’ਚ ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਦੀ ਅਗਵਾਈ ’ਚ ਇਲਾਕੇ ਭਰ ’ਚੋਂ ਵੱਡੀ ਗਿਣਤੀ ’ਚ ਸਾਬਕਾ ਫੌਜੀ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਸੈਨਿਕ ਆਗੂ ਦੇਵੀ ਦਿਆਲ, ਕਿਸਾਨ ਆਗੂ ਮਹਿੰਦਰ ਸਿੰਘ ਕਮਾਲਪੁਰਾ, ਕੰਵਲਜੀਤ ਖੰਨਾ ਆਦਿ ਨੇ ਇਸ ਦੇਸ਼ ਦੀ ਸੁਰੱਖਿਆ ਨੂੰ ਤਬਾਹ ਕਰਨ ਅਤੇ ਹਜ਼ਾਰਾਂ ਨੋਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਅਗਨੀਪਥ ਯੋਜਨਾ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਕਿਸਾਨਾਂ ਨੇ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ
ਪਾਇਲ (ਦੇਵਿੰਦਰ ਸਿੰਘ ਜੱਗੀ): ਕਿਸਾਨਾਂ ਨੇ ਅਗਨੀਪਥ ਯੋਜਨਾ ਦੇ ਰੋਸ ਵਜੋਂ ਐੱਸਡੀਐੱਮ ਪਾਇਲ ਦੀਪਜੋਤ ਕੌਰ ਨੂੰ ਮੰਗ ਪੱਤਰ ਦਿੱਤਾ ਹੈ। ਇਸ ਮੌਕੇ ਬੀਕੇਯੂ ਦੇ ਆਗੂ ਹਰਜੀਤ ਸਿੰਘ ਗਰੇਵਾਲ, ਅਮਰਦੀਪ ਸਿੰਘ ਬਰਮਾਲੀਪੁਰ, ਸੁਖਦੇਵ ਲਹਿਲ ਆਦਿ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਨਵੀਂ ਯੋਜਨਾ ਦੇ ਤਹਿਤ ਫੌਜ ਦੀ ਭਰਤੀ ਵਿੱਚ ਕਈ ਵੱਡੇ ਬਦਲਾਅ ਕੀਤੇ ਗਏ ਹਨ। ਫੌਜ ਵਿੱਚ ਪੱਕੇ ਤੌਰ ’ਤੇ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਅਤੇ ਦੇਸ਼ ਦੇ ਕਿਸਾਨ ਪਰਿਵਾਰਾਂ ਲਈ ਇਹ ਇੱਕ ਵੱਡਾ ਧੋਖਾ ਹੈ, ਚਾਰ ਸਾਲ ਦੀ ਸੇਵਾ ਤੋਂ ਬਾਅਦ ਤਿੰਨ-ਚੌਥਾਈ ਅਗਨੀ ਵੀਰਾਂ ਨੂੰ ਸੜਕ ’ਤੇ ਲਿਆ ਖੜ੍ਹਾ ਕਰਨਾ ਨੌਜਵਾਨਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਤੇ ਕੋਝਾ ਮਜ਼ਾਕ ਹੈ।