ਚਰਨਜੀਤ ਭੁੱਲਰ
ਚੰਡੀਗੜ੍ਹ, 27 ਅਪਰੈਲ
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ’ਚ ਚੱਲਦੇ ਨਾਜਾਇਜ਼ ਮੋਘੇ ਬੰਦ ਕਰਨ ਜਾ ਰਹੀ ਹੈ ਤਾਂ ਜੋ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਹੋ ਸਕੇ। ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਹਿਰੀ ਪਾਣੀ ਦੀ ਸਪਲਾਈ ’ਚ ਸੁਧਾਰ ਕਰਨ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਬਾਰੇ ਵੀ ਰਣਨੀਤੀ ਬਣਾਈ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਨਹਿਰਾਂ ਅਤੇ ਮਾਈਨਰਾਂ ’ਚ ਬਣਾਏ ਗਏ ਨਾਜਾਇਜ਼ ਮੋਘੇ ਬੰਦ ਕੀਤੇ ਜਾਣ।
ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਨਹਿਰਾਂ ਤੇ ਮਾਈਨਰਾਂ ਦੇ ਭੰਨ੍ਹੇ ਹੋਏ ਮੋਘਿਆਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਉਨ੍ਹਾਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਖੇਤਰਾਂ ਦੇ ਵਿਧਾਇਕਾਂ ਨਾਲ ਵੀ ਮੀਟਿੰਗ ਕੀਤੀ, ਜਿਨ੍ਹਾਂ ਦੇ ਖੇਤਰਾਂ ਵਿੱਚ ਟੇਲਾਂ ’ਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ। ਇਸ ਮੀਟਿੰਗ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਾਜ਼ਰ ਸਨ। ਉਨ੍ਹਾਂ ਅਧਿਕਾਰੀਆਂ ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮਾਈਨਰਾਂ/ਰਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦਾ ਕੰਮ ਮੁਕੰਮਲ ਕਰਨ ਲਈ ਕਿਹਾ। ਮੰਤਰੀ ਨੇ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਝੋਨੇ ਦੇ ਸੀਜ਼ਨ ਦੌਰਾਨ ਮੁਸਤੈਦੀ ਵਰਤਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਚੋਰੀ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਹਦਾਇਤ ਕੀਤੀ। ਸ੍ਰੀ ਜਿੰਪਾ ਨੇ ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਫੈਜ਼ਵਾਹ ਮਾਈਨਰ ਦੀ ਮੁਰੰਮਤ/ਸਫ਼ਾਈ ਦਾ ਕੰਮ ਜਲਦੀ ਮੁਕੰਮਲ ਕਰਨ ਦੇ ਆਦੇਸ਼ ਵੀ ਦਿੱਤੇ।
ਨਹਿਰੀ ਪਟਵਾਰ ਯੂਨੀਅਨ ਦਾ ਵਫ਼ਦ ਮੰਤਰੀ ਜਿੰਪਾ ਨੂੰ ਮਿਲਿਆ
ਚੰਡੀਗੜ੍ਹ (ਪੱਤਰ ਪ੍ਰੇਰਕ): ਇੱਥੇ ਅੱਜ ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇੱਕ ਉੱਚ ਪੱਧਰੀ ਵਫ਼ਦ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਪੰਜਾਬ ਦੇ ਰੈਵੇਨਿਊ ਸਟਾਫ਼ ਦੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਤਰੀ ਨੂੰ ਇੱਕ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮੰਗ ਕੀਤੀ ਕਿ ਜਲ ਸਰੋਤ ਵਿਭਾਗ ਦੇ ਪੁਨਰ ਗਠਨ ਦੌਰਾਨ ਰੈਵੇਨਿਊ ਸਟਾਫ਼ ਦੀਆਂ ਖਤਮ ਕੀਤੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ ਅਤੇ ਸਟਾਫ਼ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਵਫ਼ਦ ਨੇ ਸਰਕਾਰ ਤੋਂ ਸੈੱਸ ਦੀ ਉਗਰਾਹੀ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਪਟਵਾਰੀਆਂ ਨੂੰ ਬਣਦੀ ਤਰੱਕੀ ਦੇਣ ਦੀ ਮੰਗ ਵੀ ਕੀਤੀ।