ਸੰਗਰੂਰ (ਗੁਰਦੀਪ ਸਿੰਘ ਲਾਲੀ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਭਰ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਪਟਿਆਲਾ ਵਿਚ ਹੱਲਾ ਬੋਲ ਰੈਲੀ ’ਚ ਹੋਇਆ ਇਤਿਹਾਸਕ ਇਕੱਠ ਪੰਜਾਬ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀ ਦੀ ਮੂੰਹ ਬੋਲਦੀ ਤਸਵੀਰ ਹੈ ਜਿਸ ਬਾਰੇ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਲੈ ਕੇ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਇਥੇ ਜਾਰੀ ਬਿਆਨ ’ਚ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁਲਾਜ਼ਮ ਦਾ ਹਰ ਵਰਗ ਅੱਜ ਸੜਕਾਂ ’ਤੇ ਉਤਰ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਪੇਅ ਕਮਿਸ਼ਨ ਦੀ ਰਿਪੋਰਟ ਤੋਂ ਹਰ ਵਰਗ ਖਫ਼ਾ ਹੈ। ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀ ਕਾਰਨ ਮੁਲਾਜ਼ਮਾਂ ’ਚ ਫੈਲੇ ਰੋਸ ਦੀ ਅੱਜ ਪਟਿਆਲਾ ’ਚ ਹੋਈ ਹੱਲਾ ਬੋਲ ਰੈਲੀ ਦੌਰਾਨ ਝਲਕ ਸਪੱਸ਼ਟ ਨਜ਼ਰ ਆ ਰਹੀ ਹੈ। ਪੰਜਾਬ ਦੇ ਕੋਨੇ ਕੋਨੇ ’ਚ ਪੁੱਜੇ ਮੁਲਾਜ਼ਮ ਖਰਾਬ ਮੌਸਮ ਦੇ ਬਾਵਜੂਦ ਵਹੀਰਾਂ ਘੱਤ ਕੇ ਪੁੱਜੇ ਹਨ। ਉਨ੍ਹਾਂ ਪੰਚਾਇਤ ਵਿਭਾਗ ਅਧੀਨ ਇੱਕ ਦਹਾਕੇ ਤੋਂ ਸੇਵਾ ਨਿਭਾਅ ਰਹੇ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮੁਲਾਜ਼ਮਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦੀ ਰਹੇਗੀ।