ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮੋਗਾ/ਮਾਨਸਾ, 22 ਸਤੰਬਰ
ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਤੋਂ ਅਹੁਦੇ ਵਾਪਸ ਲੈਣ ਤੋਂ ਬਾਅਦ ਹੁਣ ਪੀਆਰਟੀਸੀ ਦੀਆਂ ਬੱਸਾਂ ਤੋਂ ਉਨ੍ਹਾਂ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਮਾਲਵਾ ਖੇਤਰ ਵਿਚਲੇ ਕਾਰਪੋਰੇਸ਼ਨ ਦੇ ਡੀਪੂਆਂ ਵਿੱਚ ਇਨ੍ਹਾਂ ਇਸ਼ਤਿਹਾਰਾਂ ਨੂੰ ਹੁਕਮਾਂ ਤੋਂ ਬਾਅਦ ਹਟਾਉਣਾ ਆਰੰਭ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀਆਰਟੀਸੀ ਦੇ ਡਾਇਰੈਕਟਰ ਨੂੰ ਲਿਖੇ ਇੱਕ ਪੱਤਰ ’ਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ, ਇਸ ਲਈ ਬੇਨਤੀ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਤੁਰੰਤ ਹਟਾਉਣ ਲਈ ਸਾਰੇ ਡੀਪੂਆਂ ਦੇ ਜਨਰਲ ਮੈਨੇਜਰਾਂ ਨੂੰ ਆਦੇਸ਼ ਦਿੱਤੇ ਜਾਣ। ਇਸੇ ਤਰ੍ਹਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ’ਤੇ ਹਾਲੇ ਵੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਲੱਗੇ ਹੋਏ ਹਨ। ਪੰਜਾਬ ਰੋਡਵੇਜ਼ ਦੇ ਇੱਕ ਜੀਐੱਮ ਮੁਤਾਬਕ ਉਨ੍ਹਾਂ ਨੂੰ ਹਾਲੇ ਤੱਕ ਪ੍ਰਚਾਰ ਸਮੱਗਰੀ ਲਾਹੁਣ ਦਾ ਕੋਈ ਹੁਕਮ ਜਾਂ ਹਦਾਇਤ ਨਹੀਂ ਮਿਲੀ ਹੈ। ਹੁਕਮ ਮਿਲਣ ਉਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀਆਰਟੀਸੀ ਦੇ ਐਮਡੀ ਨੂੰ ਸਾਬਕਾ ਮੁੱਖ ਮੰਤਰੀ ਦੇ ਫੋਟੋ ਵਾਲੀ ਪ੍ਰਚਾਰ ਸਮੱਗਰੀ ਹਟਾਉਣ ਬਾਰੇ ਪੱਤਰ ਲਿਖਿਆ ਗਿਆ ਹੈ। ਮੋਗਾ ਜ਼ਿਲ੍ਹੇ ’ਚੋਂ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਤੇ ਸਰਕਾਰ ਦੀਆਂ ਪ੍ਰਾਪਤੀਆਂ ਵਾਲੇ ਸਾਰੇ ਫਲੈਕਸ ਲਾਹ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਅਜਿਹੇ ਪ੍ਰਚਾਰ ਲਈ ਇੱਕ ਕੰਪਨੀ ਨੂੰ ਕਰੋੜਾਂ ਰੁਪਏ ਦਾ ਠੇਕਾ ਦਿੱਤਾ ਹੋਇਆ ਹੈ।