ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਪਰੈਲ
ਦਿੱਲੀ ਪੁਲੀਸ ਨੇ ਭਾਜਪਾ ਦੇ ਤੇਜਸਵੀ ਸੂਰਿਆ ਨੂੰ ਕੇਜਰੀਵਾਲ ਦੇ ਘਰ ਹਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਦੱਖਣੀ ਬੈਂਗਲੁਰੂ ਦੇ ਸੰਸਦ ਮੈਂਬਰ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਪਿਛਲੇ ਮਹੀਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੀ ਕਥਿਤ ਭੰਨਤੋੜ ਕੀਤੀ ਸੀ ਤੇ ਫਿਲਮ ‘ਦਿ ਕਸ਼ਮੀਰ ਫਾਈਲਜ਼’ ਉੱਤੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਵਿਰੁੱਧ ਪ੍ਰਦਰਸ਼ਨ ਦੌਰਾਨ ਪੁਲੀਸ ਨਾਲ ਝੜਪ ਕੀਤੀ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਅਤੇ ਯੁਵਾ ਮੋਰਚਾ ਦੇ ਪ੍ਰਧਾਨ ਤੇਜਸਵੀ ਸੂਰਿਆ ਨੂੰ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ 30 ਮਾਰਚ ਨੂੰ ਹੋਈ ਭੰਨ-ਤੋੜ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ। ਸੂਤਰਾਂ ਅਨੁਸਾਰ ਸੂਰਿਆ ਜਲਦੀ ਹੀ ਜਾਂਚ ਵਿੱਚ ਸ਼ਾਮਲ ਹੋਵੇਗਾ। ਪ੍ਰਦਰਸ਼ਨ ਦੌਰਾਨ ਕਾਰਕੁਨਾਂ ਨੇ ਪੁਲੀਸ ਨਾਲ ਝੜਪ ਕੀਤੀ ਸੀ। ਹਿੰਸਾ ਦੇ ਸਬੰਧ ਵਿੱਚ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।