ਗੁਰਵਿੰਦਰ ਸਿੰਘ/ਗੁਰਜੀਤ ਭੁੱਲਰ
ਰਾਮਪੁਰਾ ਫੂਲ, 19 ਸਤੰਬਰ
ਰਾਮਪੁਰਾ ਫੂਲ ਸ਼ਹਿਰ ਵਿੱਚ ਰੋਜ਼ਾਨਾ ਵਾਪਰ ਰਹੀਆਂ ਅਪਰਾਧਕ ਘਟਨਾਵਾਂ ਖ਼ਿਲਾਫ਼ ਅੱਜ ਸ਼ਹਿਰ ਦੇ ਵਪਾਰ ਮੰਡਲ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਮੌੜ ਚੌਕ ਵਿੱਚ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੀ ਅਗਵਾਈ ਕਰਦਿਆਂ ਵਪਾਰ ਮੰਡਲ ਦੇ ਆਗੂਆਂ ਨੇ ਦੱਸਿਆ ਕਿ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਰੋਜ਼ਾਨਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ
ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸ਼ਹਿਰ ਦੇ ਸਭ ਤੋਂ ਭੀੜ ਭੜੱਕੇ ਵਾਲੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕਰਿਆਨੇ ਦੀ ਦੁਕਾਨ ਕਰਨ ਵਾਲੇ ਮੋਹਨ ਲਾਲ ’ਤੇ ਲੁਟੇਰਿਆਂ ਨੇ ਕਿਰਪਾਨਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਹੈ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਵਾਅਦਾ ਕੀਤਾ ਗਿਅ ਸੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ 24 ਘੰਟਿਆਂ ਵਿੱਚ ਫੜ ਲਿਆ ਜਾਵੇਗਾ, ਪਰ ਹਾਲੇ ਤੱਕ ਕੋਈ ਮੁਲਜ਼ਮ ਫੜਿਆ ਨਹੀਂ ਗਿਆ, ਜਿਸ ਮਗਰੋਂ ਅੱਜ ਬਠਿੰਡਾ-ਚੰਡੀਗੜ੍ਹ ਮਾਰਗ ’ਤੇ ਧਰਨਾ ਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਠਿੰਡਾ ਦੇ ਐੱਸਐੱਸਪੀ ਜੇ ਐਲਨਚੇਜੀਅਨ ਤੇ ਰਾਮਪੁਰਾ ਪੁਲੀਸ ਪ੍ਰਸ਼ਾਸਨ ਨਾਲ ਧਰਨਾਕਾਰੀਆਂ ਕੋਲ ਪਹੁੰਚੇ ਕੇ ਵਪਾਰ ਮੰਡਲ ਦੀ ਅਗਵਾਈ ਹੇਠ 7 ਮੰਗਾਂ ਦਾ ਇੱਕ ਮੰਗ ਪੱਤਰ ਹਾਸਲ ਕੀਤਾ। ਇਸ ਮੌਕੇ ਐੱਸਐੱਸਪੀ ਨੇ ਭਰੋਸਾ ਦਿਵਾਇਆ ਹੈ ਕਿ ਕੁਝ ਮੰਗਾਂ ’ਤੇ ਸਵੇਰ ਤੋਂ ਹੀ ਅਮਲ ਆਰੰਭ ਦਿੱਤਾ ਜਾਵੇਗਾ ਤੇ ਬਾਕੀ ਮੰਗਾਂ ਸਬੰਧੀ ਸ਼ਹਿਰ ਵਾਸੀਆਂ ਤੇ ਵਪਾਰ ਮੰਡਲ ਨਾਲ ਮੀਟਿੰਗ ਕੀਤੀ ਜਾਵੇਗੀ।