ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 10 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸ਼ਾਹਕੋਟ ਤੇ ਨਕੋਦਰ ਦੇ ਕਿਸਾਨਾਂ ਨੇ ਸਰਕਾਰੀ ਬੱਸਾਂ ਉੱਪਰ ਨਰਮੇ ਦਾ ਮੁਆਵਜ਼ਾ ਦਿੱਤੇ ਜਾਣ ਵਾਲੇ ਸਰਕਾਰੀ ਇਸ਼ਤਿਹਾਰਾਂ ਉੱਪਰ ਕਾਲਖ ਫੇਰ ਦਿੱਤੀ। ਵਰਨਣਯੋਗ ਹੈ ਕਿ ਮਾਲਵੇ ਦੇ ਅੱਠ ਜ਼ਿਲ੍ਹਿਆਂ ਵਿਚ ਗੁਲਾਬੀ ਸੁੰਡੀ ਨੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਬੁਰੀ ਤਰ੍ਹਾਂ ਬਰਬਾਦ ਕਰ ਕੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ ਹੈ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮੋਹਨ ਸਿੰਘ ਬੱਲ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਪੀੜਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਨਰਮੇ ਦੇ ਖ਼ਰਾਬੇ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਬਾਜਾਏ ਲੱਖਾਂ ਰੁਪਏ ਸਰਕਾਰੀ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਉਨ੍ਹਾਂ ਦੀ ਯੂਨੀਅਨ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਕਿਸਾਨਾਂ ਨੂੰ ਲਾਰਿਆਂ ਨਾਲ ਭਰਮਾ ਕੇ ਉਨ੍ਹਾਂ ਦੇ ਦੁੱਖਾਂ ਵਿਚ ਹੋਰ ਵੀ ਵਾਧਾ ਕਰ ਰਹੀ ਹੈ। ਸਰਕਾਰ ਦੇ ਝੂਠ ਦਾ ਪਰਦਾਫਾਸ ਕਰਨ ਲਈ ਹੀ ਅੱਜ ਉਨ੍ਹਾਂ ਨੇ ਸਰਕਾਰੀ ਇਸ਼ਤਿਹਾਰਾਂ ’ਤੇ ਕਾਲਖ ਫੇਰੀ ਹੈ।
ਇਸ ਮੌਕੇ ਯੂਨੀਅਨ ਆਗੂ ਬਲਵੰਤ ਮਲਸੀਆਂ, ਹਰਨੇਕ ਸਿੰਘ ਮਾਲੜੀ, ਮਨਜੀਤ ਸਿੰਘ ਮਲਸੀਆਂ, ਗੁਰਚਰਨ ਸਿੰਘ ਚਾਹਲ, ਸੁੱਖਪਾਲ ਸਿੰਘ ਰਾਈਵਾਲ, ਤਰਸੇਮ ਸਿੰਘ ਨੂਰਪੁਰ, ਮਨਜੀਤ ਸਿੰਘ ਸਾਬੀ, ਜਗਦੇਵ ਸਿੰਘ ਹੁਸੈਨਪੁਰ, ਤਰਲੋਕ ਸਿੰਘ ਬੱਲਾਂ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।