ਪ੍ਰਭੂ ਦਿਆਲ
ਸਿਰਸਾ, 21 ਸਤੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਕਈ ਕਿਸਾਨਾਂ ਦੇ ਘਰਾਂ ’ਚ ਬਿਜਲੀ ਵਿਭਾਗ ਵੱਲੋਂ ਛਾਪੇਮਾਰੀ ਕਰਕੇ ਜੁਰਮਾਨਾ ਲਾਏ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਅੱਜ ਬਰਨਾਲਾ ਰੋਡ ਸਥਿਤ ਬਿਜਲੀ ਘਰ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਬਿਜਲੀ ਨਿਗਮ ਦੇ ਅਧਿਕਾਰੀਆਂ ਤੇ ਬਿਜਲੀ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਿਜਲੀ ਨਿਗਮ ਦੇ ਦਫ਼ਤਰ ਦਾ ਘਿਰਾਓ ਕਰ ਰਹੇ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਹੜੇ ਕਿਸਾਨ ਅੰਦੋਲਨ ਵਿੱਚ ਜ਼ਿਆਦਾ ਸਰਗਰਮ ਹਨ, ਉਨ੍ਹਾਂ ਨੂੰ ਹੁਣ ਬਿਜਲੀ ਨਿਗਮ ਦੇ ਅਧਿਕਾਰੀਆਂ ਵੱਲੋਂ ਘਰਾਂ ’ਚ ਛਾਪੇਮਾਰੀ ਕਰਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿੰਡ ਮੋਰੀਵਾਲਾ ਦੇ ਕਿਸਾਨ ਨੂੰ ਕਥਿਤ ਤੌਰ ’ਤੇ 70 ਹਜ਼ਾਰ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਜਾਇਜ਼ ਤੌਰ ’ਤੇ ਲਾਏ ਗਏ ਜੁਰਮਾਨੇ ਨੂੰ ਦਸ ਦਿਨਾਂ ’ਚ ਠੀਕ ਨਾ ਕੀਤਾ ਗਿਆ ਤੇ ਬਿਜਲੀ ਨਿਗਮ ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਦੀ ਕਾਰਵਾਈ ਨੂੰ ਨਾ ਰੋਕਿਆ ਗਿਆ ਤਾਂ ਉਹ ਤਿੱਖਾ ਅੰਦੋਲਨ ਕਰਨਗੇ।