ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 29 ਸਤੰਬਰ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬ ਪੁਲੀਸ ਦੇ ਅਫ਼ਸਰਾਂ ਅਤੇ ਐੱਸਐੱਚਓਜ਼ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਨਾਲ ਕੋਈ ਲਿਹਾਜ਼ ਨਾ ਕੀਤੀ ਜਾਵੇ, ਬਲਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਪੀ (ਦਿਹਾਤੀ) ਨਵਰੀਤ ਸਿੰਘ ਵਿਰਕ, ਐੱਸਪੀ (ਡੀ) ਅਮਨਦੀਪ ਬਰਾੜ, ਡੀਐੱਸਪੀ ਖਰੜ-1 ਰੁਪਿੰਦਰਦੀਪ ਕੌਰ ਸੋਹੀ, ਡੀਐੱਸਪੀ ਖਰੜ-2 ਧਰਮਵੀਰ ਸਿੰਘ ਸਮੇਤ ਸਮੂਹ ਥਾਣਿਆਂ ਦੇ ਐੱਸਐੱਚਓਜ਼ ਮੌਜੂਦ ਸਨ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਨਸ਼ਾਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।
ਨਸ਼ੇ ਛੱਡ ਕੇ ਨੌਜਵਾਨ ਖੇਡਾਂ ਵੱਲ ਆਉਣ: ਅਨਮੋਲ ਗਗਨ ਮਾਨ
ਖਰੜ (ਪੱਤਰ ਪ੍ਰੇਰਕ): ‘ਨਸ਼ਾ ਛਡਾਉ ਪੰਜਾਬ ਬਚਾਓ’ ਦੇ ਬੈਨਰ ਹੇਠ ਨਸ਼ਿਆਂ ਖ਼ਿਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਹ ਰੈਲੀ ‘ਆਪ’ ਦੇ ਯੂਥ ਆਗੂ ਸੁਖਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਕੱਢੀ ਗਈ। ਇਸ ਮੌਕੇ ਅਨਮੋਲ ਗਗਨ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਰਗੀਆਂ ਭਿਆਨਕ ਅਲਾਮਤਾਂ ਨੂੰ ਛੱਡ ਕੇ ਉਹ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ ਇੱਕ ਕਰਕੇ ਨੇਪਰੇ ਚਾੜ੍ਹਿਆ ਜਾਵੇਗਾ।